Sri Japji Sahib (Part 23rd) : ਸ੍ਰੀ ਜਪੁਜੀ ਸਾਹਿਬ ਦੀ ਹੇਠ ਲਿਖੀ ਪਉੜੀ ਵਿੱਚ ਭਾਵ ਪ੍ਰਗਟ ਕੀਤਾ ਗਿਆ ਹੈ ਕਿ ਮਨੁੱਖ ਉੱਤੇ ਨਿਰੰਕਾਰ ਦੀ ਬਖ਼ਸ਼ਿਸ਼ ਹੁੰਦੀ ਹੈ ਉਸ ਨੂੰ ਪਹਿਲਾਂ ਇਹ ਸਮਝ ਪੈਂਦੀ ਹੈ ਕਿ ਮਨੁੱਖ ਇਸ ਧਰਤੀ ‘ਤੇ ਕੋਈ ਖ਼ਾਸ ਫ਼ਰਜ਼ ਨਿਭਾਉਣ ਆਇਆ ਹੈ। ਇੱਥੇ ਜੋ ਅਨੇਕਾਂ ਜੀਵ ਪੈਦਾ ਹੁੰਦੇ ਹਨ ਇਨ੍ਹਾਂ ਸਾਰਿਆਂ ਦੇ ਆਪੋ-ਆਪਣੇ ਕਰਮਾਂ ਅਨੁਸਾਰ ਇਹ ਨਿਬੇੜਾ ਹੁੰਦਾ ਹੈ ਕਿ ਕਿਸ-ਕਿਸ ਨੇ ਮਨੁੱਖਾ-ਜਨਮ ਦੇ ਮਨੋਰਥ ਨੂੰ ਪੂਰਾ ਕੀਤਾ ਹੈ। ਜਿਨ੍ਹਾਂ ਦੀ ਮਿਹਨਤ ਕਬੂਲ ਪੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਪਾਂਦੇ ਹਨ। ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ।
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥
ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ, ਹਵਾ, ਪਾਣੀ, ਅੱਗ ਅਤੇ ਪਾਤਾਲ, ਇਨ੍ਹਾਂ ਸਾਰਿਆਂ ਦੇ ਇਕੱਠ ਵਿਚ ਅਕਾਲ ਪੁਰਖ ਨੇ ਧਰਤੀ ਨੂੰ ਧਰਮ ਕਮਾਉਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ। ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ) , ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ।
ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥34॥
ਇਨ੍ਹਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ ਅਕਾਲ ਪੁਰਖ ਦੇ ਦਰ ‘ਤੇ ਨਿਬੇੜਾ ਹੁੰਦਾ ਹੈ। ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਵੀ ਸੱਚਾ ਹੈ। ਉਸ ਦਰਬਾਰ ਵਿਚ ਸੰਤ ਜਨ ਪਰਤੱਖ ਤੌਰ ‘ਤੇ ਸੋਭਦੇ ਹਨ ਅਤੇ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਿਸ਼ ਨਾਲ ਉਨ੍ਹਾਂ ਸੰਤ ਜਨਾਂ ਦੇ ਮੱਥੇ ਉੱਤੇ ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ। ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ, ਇਨ੍ਹਾਂ ਦੀ ਕਚਿਆਈ ਪਕਿਆਈ ਅਕਾਲ ਪੁਰਖ ਦੇ ਦਰ ‘ਤੇ ਜਾ ਕੇ ਪਤਾ ਲੱਗਦੀ ਹੈ। ਹੇ ਨਾਨਕ! ਅਕਾਲ ਪੁਰਖ ਦੇ ਦਰ ‘ਤੇ ਗਿਆਂ ਹੀ ਸਮਝ ਅਉਂਦੀ ਹੈ ਕਿ ਅਸਲ ਵਿਚ ਕੌਣ ਪੱਕਾ ਹੈ ਤੇ ਕੌਣ ਕੱਚਾ।