Sri Japji Sahib (Part 26th) : ਸ੍ਰੀ ਜਪੁਜੀ ਸਾਹਿਬ ਦੀ ਇਸ ਪਉੜੀ ਵਿੱਚ ਗੁਰੂ ਸਾਹਿਬ ਨੇ ਪ੍ਰਮਾਤਮਾ ਨਾਲ ਇੱਕ-ਰੂਪ ਹੋ ਜਾਣ ਵਾਲੀ ਆਤਮਿਕ ਅਵਸਥਾ ਦਾ ਜ਼ਿਕਰ ਕੀਤਾ ਹੈ, ਜਿਸ ਵਿਚ ਅਪੜੇ ਜੀਵ ਉੱਤੇ ਪ੍ਰਮਾਤਮਾ ਦੀ ਬਖ਼ਸ਼ਿਸ਼ ਹੁੰਦੀ ਹੈ, ਉਸ ਨੂੰ ਸਭ ਆਪਣੇ ਹੀ ਆਪਣੇ ਦਿੱਸਦੇ ਹਨ, ਹਰ ਪਾਸੇ ਕਰਤਾਰ ਹੀ ਨਜ਼ਰ ਆਉਂਦਾ ਹੈ। ਅਜਿਹੇ ਮਨੁੱਖ ਦੀ ਸੂਰਤ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਜੁੜੀ ਰਹਿਂਦੀ ਹੈ, ਹੁਣ ਮਾਇਆ ਇਸ ਨੂੰ ਠੱਗ ਨਹੀਂ ਸਕਦੀ, ਆਤਮਾ ਬਲਵਾਨ ਹੋ ਜਾਂਦੀ ਹੈ, ਪ੍ਰਭੂ ਨਾਲੋਂ ਵਿੱਥ ਨਹੀਂ ਪੈ ਸਕਦੀ। ਹੁਣ ਉਸ ਨੂੰ ਪਰਤੱਖ ਜਾਪਦਾ ਹੈ ਕਿ ਬੇਅੰਤ ਕੁਦਰਤ ਰਚ ਕੇ ਪ੍ਰਭੂ ਸਭ ਨੂੰ ਆਪਣੀ ਰਜ਼ਾ ਵਿਚ ਤੋਰ ਰਿਹਾ ਹੈ ਤੇ ਸਭ ਉਤੇ ਮਿਹਰ ਦੀ ਨਜ਼ਰ ਕਰ ਰਿਹਾ ਹੈ।
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥
ਬਖ਼ਸ਼ਿਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸ ਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ-ਵਿਕਾਰ ਉਸ ਉੱਤੇ ਆਪਣਾ ਪਰਭਾਵ ਨਹੀਂ ਪਾ ਸਕਦੇ) , ਕਿਉਂਕਿ ਉਸ ਅਵਸਥਾ ਵਿਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ। ਉਸ ਅਵਸਥਾ ਵਿਚ(ਜੋ ਮਨੁੱਖ ਹਨ ਉਹ) ਜੋਧੇ, ਮਹਾਂਬਲੀ ਤੇ ਸੂਰਮੇ ਹਨ, ਉਹਨਾਂ ਦੇ ਰੋਮ ਰੋਮ ਵਿਚ ਅਕਾਲ ਪੁਰਖ ਵੱਸ ਰਿਹਾ ਹੈ। ਉਸ ਅਵਸਥਾ ਵਿਚ ਪਹੁੰਚੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿਚ ਪਰੋਤਾ ਰਹਿੰਦਾ ਹੈ, ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੇ ਜਾ ਸਕਦੇ (ਭਾਵ ਉਨ੍ਹਾਂ ਦੇ ਮੂੰਹ ‘ਤੇ ਅਜਿਹਾ ਨੂਰ ਹੁੰਦਾ ਹੈ)। (ਇਸ ਅਵਸਥਾ ਵਿਚ) ਜਿਨ੍ਹਾਂ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਹ ਆਤਮਿਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ।
ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥37॥
ਉਸ ਅਵਸਥਾ ਵਿਚ ਕਈ ਭਵਣਾਂ ਦੇ ਭਗਤ ਜਨ ਵੱਸਦੇ ਹਨ, ਜੋ ਸਦਾ ਖਿੜੇ ਰਹਿੰਦੇ ਹਨ, (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿਚ (ਮੌਜੂਦ) ਹੈ। ਉਹ ਅਕਾਲ ਪੁਰਖ ਸੱਚਖੰਡ ਵਿਚ ਵੱਸਦਾ ਹੈ। ਦਰਗਾਹ ਤੋਂ ਉਹ ਆਪਣੀ ਰਚੀ ਹੋਈ ਸ੍ਰਿਸ਼ਟੀ ‘ਤੇ ਮਿਹਰ ਦੀ ਨਜ਼ਰ ਨਾਲ ਉਸ ਦੀ ਸੰਭਾਲ ਕਰਦਾ ਹੈ। ਉਸ ਅਵਸਥਾ ਵਿਚ (ਭਾਵ, ਅਕਾਲ ਪੁਰਖ ਨਾਲ ਇੱਕ-ਰੂਪ ਹੋਣ ਵਾਲੀ ਅਵਸਥਾ ਵਿਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ ਦਿੱਸਦੇ ਹਨ, ਜੋ ਇੰਨੇ ਬੇਅੰਤ ਹਨ ਕਿ ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ। ਉਸ ਅਵਸਥਾ ਵਿਚ ਬੇਅੰਤ ਭਵਣ ਤੇ ਅਕਾਰ ਦਿੱਸਦੇ ਹਨ। ਜਿਵੇਂ ਉਸ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ ਉਹ ਇਸੇ ਤਰ੍ਹਾਂ ਚੱਲ ਰਹੀ ਹੈ। ਉਸ ਅਵਸਥਾ ਵਿੱਚ ਇਸ ਗੱਲ ਦੀ ਸੋਝੀ ਹੋਣ ਲੱਗ ਜਾਂਦੀ ਹੈ ਕਿ ਅਕਾਲ ਪੁਰਖ ਵੀਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ। ਹੇ ਨਾਨਕ! ਇਸ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ।