ਚੰਡੀਗੜ੍ਹ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਹਿਲਾਂ ਜੋ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਸੀ, ਉਹ ਹੁਣ 42 ਡਿਗਰੀ ਸੈਲਸੀਅਸ ‘ਤੇ ਆ ਗਿਆ ਹੈ। ਪਰ ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਲਈ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਆਉਣ ਵਾਲੇ ਦਿਨਾਂ ‘ਚ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ ਲੋਕਾਂ ਨੂੰ ਜ਼ਿਆਦਾ ਗਰਮੀ ਮਹਿਸੂਸ ਹੋਵੇਗੀ।
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਆਸਪਾਸ ਦੇ ਇਲਾਕੇ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਸੀ। ਇਸ ਕਾਰਨ ਮੰਗਲਵਾਰ ਯਾਨੀ 4 ਜੂਨ ਨੂੰ ਮੀਂਹ ਪੈਣਾ ਸੀ। ਪਰ ਚੰਡੀਗੜ੍ਹ ਵਿੱਚ ਮੀਂਹ ਨਹੀਂ ਪਿਆ। ਸਿਰਫ਼ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਇਨ੍ਹਾਂ ਹਵਾਵਾਂ ਕਾਰਨ ਤਾਪਮਾਨ ‘ਚ ਕੁਝ ਰਾਹਤ ਮਿਲੀ ਹੈ।
ਹੁਣ ਹੌਲੀ-ਹੌਲੀ ਇਹ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਕਾਰਨ ਲੋਕਾਂ ਨੂੰ ਮੁੜ ਗਰਮੀ ਝੱਲਣੀ ਪਵੇਗੀ। ਇਹ ਪੱਛਮੀ ਗੜਬੜ ਪਹਾੜੀ ਖੇਤਰਾਂ ਵਿੱਚ ਥੋੜੀ ਜਿਹੀ ਸਰਗਰਮ ਦੇਖੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ।
ਇਹ ਵੀ ਪੜ੍ਹੋ : ਅੰਬਾਨੀਆਂ-ਅਡਾਨੀਆਂ ਦੀ ਦੌਲਤ ਵਿਚ ਰਿਕਾਰਡ ਗਿਰਾਵਟ, ਇੱਕ ਦਿਨ ‘ਚ ਪਿਆ ਵੱਡਾ ਘਾਟਾ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਸਮੇਂ ‘ਚ ਤਾਪਮਾਨ ‘ਚ ਹੌਲੀ-ਹੌਲੀ ਵਾਧਾ ਦੇਖਣ ਨੂੰ ਮਿਲੇਗਾ। ਕੱਲ੍ਹ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਤਾਪਮਾਨ ‘ਚ 3 ਡਿਗਰੀ ਸੈਲਸੀਅਸ ਦਾ ਵਾਧਾ ਦੇਖਣ ਨੂੰ ਮਿਲੇਗਾ।
7 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਅਜਿਹੇ ‘ਚ ਮੌਸਮ ਵਿਭਾਗ ਨੇ ਲੋਕਾਂ ਨੂੰ ਦਿਨ ਵੇਲੇ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਹੈ। ਜੇ ਜਰੂਰੀ ਹੋਵੇ, ਤਾਂ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਅਤੇ ਖੁੱਲ੍ਹੇ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਂਦੀ ਹੈ।