ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਭਲਕੇ ਯਾਨੀ 14 ਫਰਵਰੀ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਸੋਨੀਆ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੋਨੀਆ ਗਾਂਧੀ ਇਸ ਸਮੇਂ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਹਨ।
ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਰਾਜ ਸਭਾ ਚੋਣਾਂ (ਉੱਤਰ ਪ੍ਰਦੇਸ਼, ਹਰਿਆਣਾ, ਕਰਨਾਟਕ, ਬਿਹਾਰ, ਉੱਤਰਾਖੰਡ ਅਤੇ ਬਿਹਾਰ) ਲਈ ਆਪਣੇ 14 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਆਰਪੀਐਨ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਧਾਂਸ਼ੂ ਤ੍ਰਿਵੇਦੀ ਤੋਂ ਇਲਾਵਾ ਭਾਜਪਾ ਨੇ ਉੱਤਰ ਪ੍ਰਦੇਸ਼ ਤੋਂ ਕੁੱਲ ਸੱਤ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਜਦਕਿ ਸੁਭਾਸ਼ ਬਰਾਲਾ ਨੂੰ ਹਰਿਆਣਾ ਤੋਂ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਰਾਜ ਸਭਾ ਸੀਟ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਇਸ ਵਾਰ ਲੋਕ ਸਭਾ ਚੋਣ ਲੜ ਸਕਦੀ ਹੈ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨੇ 2019 ਦੀਆਂ ਲੋਕ ਸਭਾ ਚੋਣਾਂ ‘ਚ ਕਿਹਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ।
ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ 1999 ਤੋਂ ਲੋਕ ਸਭਾ ਮੈਂਬਰ ਹੈ। ਆਪਣੇ ਸਿਆਸੀ ਕਰੀਅਰ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਉਹ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪਹੁੰਚੇਗੀ। ਸੂਤਰਾਂ ਦਾ ਤਾਂ ਇੱਥੋਂ ਤੱਕ ਕਹਿਣਾ ਹੈ ਕਿ ਸੋਨੀਆ ਗਾਂਧੀ ਨੂੰ ਉਪਰਲੇ ਸਦਨ ਵਿੱਚ ਭੇਜਣ ਤੋਂ ਬਾਅਦ ਕਾਂਗਰਸ ਪ੍ਰਿਅੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਦਰਅਸਲ, ਰਾਏਬਰੇਲੀ ਸੀਟ ਨਾਲ ਕਾਂਗਰਸ ਦਾ ਲੰਬੇ ਸਮੇਂ ਤੋਂ ਸਬੰਧ ਰਿਹਾ ਹੈ। ਫ਼ਿਰੋਜ਼ ਗਾਂਧੀ, ਇੰਦਰਾ ਗਾਂਧੀ, ਅਰੁਣ ਨਹਿਰੂ ਵਰਗੇ ਸੀਨੀਅਰ ਕਾਂਗਰਸੀ ਆਗੂ ਇਸ ਸੀਟ ਤੋਂ ਚੋਣ ਲੜ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ –