ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚੇ। ਇਥੇ ਉ੍ਨਹਾਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ ਅਤੇ ਐਲਾਨ ਕੀਤਾ ਕਿ ਅਜਿਹੀਆਂ 16 ਹੋਰ ਲਾਇਬ੍ਰੇਰੀਆਂ ਦਾ ਜਲਦੀ ਹੀ ਉਦਘਾਟਨ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ਵ ਪੱਧਰੀ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਲਾਇਬ੍ਰੇਰੀਆਂ ਵਿੱਚ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਆਧੁਨਿਕ ਸਹੂਲਤਾਂ ਮੁਹੱਈਆਂ ਕੀਤੀਆਂ ਗਈਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਬੇਸ਼ਕੀਮਤੀ ਪੁਸਤਕਾਂ ਹਨ, ਜਿਹੜੀਆਂ ਪੁਸਤਕ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ।
ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. ਸਬੰਧੀ ਮੁੱਦਾ ਵੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਦੇ ਕੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਹਿਲਾ ਰਿਜ਼ਰਵੇਸ਼ਨ ਬਿੱਲ ਬਣਿਆ ਕਾਨੂੰਨ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦਿੱਤੀ ਮਨਜ਼ੂਰੀ
ਇਸ ਦੌਰਾਨ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਾਂ ਵਰਗੇ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੀ ਸਿਆਸਤ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਨਸਰਾਂ ਨੂੰ ਜੇਲ੍ਹਾਂ ਪਿੱਛੇ ਡੱਕਿਆ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: