ਪੰਜਾਬ ‘ਚ ਕਾਂਗਰਸ ਨੇ ਸੋਮਵਾਰ ਦੇਰ ਸ਼ਾਮ 8 ਲੋਕ ਸਭਾ ਸੀਟਾਂ ‘ਤੇ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤੇ ਹਨ, ਤਾਂ ਜੋ ਚੋਣਾਂ ਦੇ ਬਿਹਤਰ ਤਾਲਮੇਲ ਅਤੇ ਪ੍ਰਬੰਧ ਲਈ ਕੰਮ ਕੀਤਾ ਜਾ ਸਕੇ। ਪਾਰਟੀ ਆਗੂ ਮਨਿਕਮ ਟੈਗੋਰ ਨੂੰ ਪਟਿਆਲਾ, ਗਿਰੀਸ਼ ਚੋਡਣਕਰ ਨੂੰ ਜਲੰਧਰ, ਜੀਤੂ ਪਟਵਾਰੀ ਨੂੰ ਹੁਸ਼ਿਆਰਪੁਰ, ਮੱਲੂ ਭੱਟੀ ਵਿਕਰਮਮਾਰਕ ਨੂੰ ਫਰੀਦਕੋਟ, ਕੇਜੇ ਜਾਰਜ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ, ਨਿਤਿਨ ਰਾਉਤ ਨੂੰ ਫ਼ਿਰੋਜ਼ਪੁਰ ਅਤੇ ਸੁਨੀਲ ਕੇਦਾਰ ਨੂੰ ਫ਼ਤਹਿਗੜ੍ਹ ਸਾਹਿਬ ਲਈ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ- ਕਾਂਗਰਸ ਪ੍ਰਧਾਨ ਨੇ ਲੋਕ ਸਭਾ ਚੋਣਾਂ ਦੇ ਬਿਹਤਰ ਤਾਲਮੇਲ ਅਤੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਨਿਯੁਕਤ ਕੀਤੇ ਅਬਜ਼ਰਵਰਾਂ ਤੋਂ ਇਲਾਵਾ ਪੰਜਾਬ ਵਿੱਚ ਸੰਸਦੀ ਹਲਕਿਆਂ ਲਈ ਵਿਸ਼ੇਸ਼ ਅਬਜ਼ਰਵਰ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਪੰਜਾਬ ਦੀਆਂ ਕੁਝ ਵੱਡੀਆਂ ਸੀਟਾਂ ‘ਤੇ ਕਾਂਗਰਸ ਵੱਲੋਂ ਵਿਸ਼ੇਸ਼ ਅਬਜ਼ਰਵਰ ਨਿਯੁਕਤ ਕੀਤੇ ਜਾ ਰਹੇ ਹਨ।
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਚੋਣਾਂ ਦੇ ਆਖ਼ਰੀ ਪੜਾਅ ਵਿੱਚ ਵੋਟਾਂ ਪੈਣਗੀਆਂ। ਦਿੱਲੀ ਦੇ ਉਲਟ ਪੰਜਾਬ ‘ਚ ‘ਆਪ’ ਅਤੇ ਕਾਂਗਰਸ ਵਿਚਾਲੇ ਕੋਈ ਗਠਜੋੜ ਨਹੀਂ ਹੈ। ਪੰਜਾਬ ਵਿੱਚ ਦੋਵੇਂ ਪਾਰਟੀਆਂ ਅਲੱਗ-ਅਲੱਗ ਚੋਣਾਂ ਲੜ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ।
ਵੀਡੀਓ ਲਈ ਕਲਿੱਕ ਕਰੋ -: