Sri Guru Teg Bahadur Ji : ਧਰਮ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਹਿੰਦ ਦੀ ਚਾਦਰ ਕਹੇ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਨਾਮ ਸਮੁੱਚੀ ਲੋਕਾਈ ਵਿਚ ਸੂਰਜ ਵਾਂਗ ਚਮਕ ਰਿਹਾ ਹੈ, ਜਿਨ੍ਹਾਂ ਨੇ ਸਿਰਫ਼ ਸਿੱਖੀ ਲਈ ਹੀ ਨਹੀਂ ਬਲਕਿ ਸਮੁੱਚੀ ਮਾਨਵਤਾ ਲਈ ਕੁਰਬਾਨੀ ਦਿੱਤੀ। ਤਾਜ ਦੇ ਭੁੱਖੇ ਔਰੰਗਜ਼ੇਬ ਨੇ ਆਪਣੇ ਹੀ ਖ਼ੂਨ ਉੱਪਰ ਅੱਤਿਆਚਾਰ ਕਰਦਿਆਂ ਢਿੱਲ ਨਹੀਂ ਕੀਤੀ। ਉਸ ਨੇ ਆਪਣੇ ਪਿਤਾ ਸ਼ਾਹਜਹਾਂ ਨੂੰ ਬੰਦੀ ਬਣਾ ਕੇ ਕਾਲ ਕੋਠੜੀ ਵਿਚ ਪਾ ਦਿੱਤਾ ਅਤੇ ਆਪਣੇ ਸਕੇ ਭਰਾਵਾਂ ਨੂੰ ਮਾਰ ਕੇ ਗੱਦੀ ਸਾਂਭੀ। ਉਪਰੰਤ ਸਮੁੱਚੇ ਹਿੰਦੁਸਤਾਨ ਦੀ ਧਰਤੀ ਉੱਤੇ ਇਸਲਾਮ ਨੂੰ ਪ੍ਰਵਾਨ ਚੜ੍ਹਾਉਣ ਲਈ ਉਸ ਨੇ ਅਗਲਾ ਮੋਹਰਾ ਨਿਰਦੋਸ਼ ਹਿੰਦੂਆਂ ਨੂੰ ਬਣਾਇਆ। ਹਿੰਦੂਆਂ ਨੂੰ ਇਸਲਾਮ ਕਬੂਲਣ ਲਈ ਕਿਹਾ ਗਿਆ ਅਤੇ ਨਾ ਮੰਨਣ ਉੱਤੇ ਲੋਭ ਲਾਲਚ ਵੀ ਦਿੱਤੇ ਗਏ ਪਰ ਜਦੋਂ ਉਸ ਨੂੰ ਕੋਈ ਸਫਲਤਾ ਨਾ ਮਿਲੀ ਤਾਂ ਉਸ ਨੇ ਸੂਬੇਦਾਰਾਂ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਵੇ ਅਤੇ ਹਿੰਦੁਸਤਾਨ ਦੀ ਧਰਤੀ ਤੋਂ ਪੰਡਿਤਾਂ ਤੇ ਹਿੰਦੂਆਂ ਦਾ ਨਾਮੋ-ਨਿਸ਼ਾਨ ਮਿਟਾ ਕੇ ਇਸਲਾਮ ਦੇ ਝੰਡੇ ਗੱਡ ਦਿੱਤੇ ਜਾਣ।
ਨਤੀਜੇ ਵਜੋਂ ਹਿੰਦੂਆਂ ਦੇ ਮੇਲੇ ਅਤੇ ਤਿਉਹਾਰਾਂ ਉੱਪਰ ਸਖ਼ਤ ਪਾਬੰਦੀ ਲਾ ਦਿੱਤੀ ਗਈ। ਮੰਦਰਾਂ ਨੂੰ ਢਾਹ ਕੇ ਮਸੀਤਾਂ ਦੀ ਉਸਾਰੀ ਹੋਣ ਲੱਗੀ। ਹਿੰਦੂਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਣ ਲੱਗਾ। ਹਰ ਪਾਸੇ ਜ਼ੁਲਮ ਦੀ ਹਾਹਾਕਾਰ ਮੱਚ ਗਈ। ਕਸ਼ਮੀਰ ਦੇ ਸੂਬੇਦਾਰ ਸ਼ਾਹ ਅਫ਼ਗਾਨ ਮਾਨੋ ਕਸ਼ਮੀਰੀ ਪੰਡਿਤਾਂ ਲਈ ਕਾਲ ਬਣ ਗਿਆ। ਔਰੰਗਜ਼ੇਬ ਦਾ ਫ਼ੁਰਮਾਨ ਸੀ ਕਿ ਮੁਸਲਮਾਨ ਬਣੋ ਜਾਂ ਮੌਤ ਕਬੂਲੋ। ਔਰੰਗਜ਼ੇਬ ਦੇ ਜ਼ੁਲਮ ਦਾ ਸ਼ਿਕਾਰ ਬਣੇ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਜਦੋਂ ਕਿਸੇ ਪਾਸੇ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਲੈਣ ਦਾ ਨਿਸ਼ਚੈ ਕੀਤਾ। ਕਸ਼ਮੀਰੀ ਪੰਡਿਤਾਂ ਦਾ ਇਕ ਜਥਾ ਆਪਣੀ ਫ਼ਰਿਆਦ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਸ ਆਇਆ। ਕਸ਼ਮੀਰੀ ਪੰਡਿਤ ਕਿਰਪਾ ਰਾਮ ਤੋਂ ਉਨ੍ਹਾਂ ਦੀ ਦਰਦ ਕਹਾਣੀ ਸੁਣ ਕੇ ਗੁਰੂ ਜੀ ਨੇ “ਜੋ ਸਰਣਿ ਆਵੈ ਤਿਸੁ ਕੰਠਿ ਲਾਵੈ” ਮਹਾਂਵਾਕ ਅਨੁਸਾਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਬਾਬੇ ਨਾਨਕ ਦੇ ਦਰ ਤੋਂ ਮਾਯੂਸ ਨਹੀਂ ਪਰਤਣਗੇ।
ਇਸ ਤੋਂ ਬਾਅਦ ਗੁਰੂ ਜੀ ਕਿਸੇ ਡੂੰਘੀ ਸੋਚ ਵਿਚ ਡੁੱਬ ਗਏ ਅਤੇ ਕੁਝ ਸਮੇਂ ਬਾਅਦ ਫ਼ੁਰਮਾਉਣ ਲੱਗੇ ਕਿ ਅਜੇ ਧਰਮ ਯੁੱਧ ਦਾ ਸਮਾਂ ਨਹੀਂ ਆਇਆ। ਇਸ ਸਮੇਂ ਕਿਸੇ ਮਹਾਨ ਆਤਮਾ ਦੀ ਸ਼ਹੀਦੀ ਦੀ ਲੋੜ ਹੈ। ਸਿਰਫ਼ ਕੁਰਬਾਨੀ ਨਾਲ ਹੀ ਡੁੱਬਦੇ ਧਰਮ ਨੂੰ ਬਚਾਇਆ ਜਾ ਸਕਦਾ ਹੈ। ਆਪ ਜੀ ਦੇ ਬਚਨ ਸੁਣ ਕੇ ਪੂਰੇ ਦਰਬਾਰ ਵਿਚ ਸੰਨਾਟਾ ਛਾ ਗਿਆ। ਆਪ ਜੀ ਦੇ ਸਪੁੱਤਰ ਬਾਲ ਗੋਬਿੰਦ ਰਾਇ ਜੀ ਨੇ ਕਿਹਾ ਕਿ ਆਪ ਜੀ ਤੋਂ ਬਿਨਾਂ ਹੋਰ ਮਹਾਂਪੁਰਖ ਕੌਣ ਹੋ ਸਕਦਾ ਹੈ? ਆਪ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਕੁਰਬਾਨੀ ਦੇਣ ਦਾ ਫ਼ੈਸਲਾ ਕਰ ਲਿਆ। ਗੁਰੂ ਜੀ ਨੇ ਕਸ਼ਮੀਰੀ ਪੰਡਤਾਂ ਨੂੰ ਕਿਹਾ ਕਿ ਤੁਸੀਂ ਨਿਸ਼ਚਿੰਤ ਹੋ ਕੇ ਜਾਓ ਤੇ ਔਰੰਗਜ਼ੇਬ ਨੂੰ ਕਹਿ ਦਿਓ ਕਿ ਜਾਹ! ਪਹਿਲਾਂ ਸਾਡੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਮੁਸਲਮਾਨ ਬਣਾ ਲੈ। ਜੇ ਉਨ੍ਹਾਂ ਨੇ ਇਸਲਾਮ ਧਰਮ ਕਬੂਲ ਕਰ ਲਿਆ ਤਾਂ ਅਸੀਂ ਖ਼ੁਸ਼ੀ-ਖੁਸ਼ੀ ਮੁਸਲਮਾਨ ਬਣ ਜਾਵਾਂਗੇ।
ਇਸ ਤਰ੍ਹਾਂ ਗੁਰੂ ਜੀ ਬਾਲ ਗੋਬਿੰਦ ਰਾਇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਗੱਦੀ ਦੇ ਦਸਵੇਂ ਵਾਰਿਸ ਥਾਪ ਕੇ ਆਪ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਜੈਤਾ ਜੀ ਅਤੇ ਭਾਈ ਦਿਆਲਾ ਜੀ ਆਦਿ ਸਿੱਖਾਂ ਨਾਲ ਦਿੱਲੀ ਵੱਲ ਕੁਰਬਾਨੀ ਦੇਣ ਚੱਲ ਪਏ। ਜਦੋਂ ਗੁਰੂ ਜੀ ਨੂੰ ਇਸਲਾਮ ਦੇ ਨਸ਼ੇ ਵਿਚ ਧੁੱਤ ਔਰੰਗਜ਼ੇਬ ਦੇ ਸਾਹਮਣੇ ਲਿਆਂਦਾ ਗਿਆ ਤਾਂ ਉਸ ਨੇ ਇਸਲਾਮ ਦੀ ਮਹਿਮਾ ਗਾਉਂਦਿਆਂ ਆਪ ਜੀ ਨੂੰ ਇਸਲਾਮ ਕਬੂਲਣ ਲਈ ਪ੍ਰੇਰਿਆ। ਪਰ ਗੁਰੂ ਜੀ ਨੇ ਉਸ ਦੀ ਉਮੀਦ ਦੇ ਉਲਟ ਉੱਤਰ ਦਿੱਤਾ ਕਿ ਧਰਮ ਜ਼ਬਰਦਸਤੀ ਤਲਵਾਰਾਂ ਦੀ ਨੋਕ ਉੱਤੇ ਨਹੀਂ ਬਦਲਾਇਆ ਜਾ ਸਕਦਾ। ਗੁਰੂ ਜੀ ਨੂੰ ਚੜ੍ਹਦੀ ਕਲਾ ਵਿਚ ਅਤੇ ਉਨ੍ਹਾਂ ਦੁਆਰਾ ਇਸਲਾਮ ਨਾ ਕਬੂਲਣ ਦੇ ਅਟੱਲ ਨਿਸ਼ਚੈ ਨੂੰ ਵੇਖ ਕੇ ਔਰੰਗਜ਼ੇਬ ਗੁੱਸੇ ਵਿਚ ਕੰਬ ਉੱਠਿਆ। ਕੁਰਬਾਨੀ ਲਈ ਤਿਆਰ ਗੁਰੂ ਜੀ ਨੂੰ ਦੇਖ ਕੇ ਉਸ ਦੇ ਮਨਸੂਬਿਆਂ ਦੀਆਂ ਨੀਹਾਂ ਹਿੱਲ ਗਈਆਂ। ਆਪਣੀ ਇਸ ਹਾਰ ਨੂੰ ਵੇਖ ਕੇ ਉਸ ਨੇ ਅੰਤ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਗੁਰੂ ਜੀ ਨੂੰ ਲੋਹੇ ਦੇ ਪਿੰਜਰੇ ਵਿਚ ਬੰਦ ਕਰ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਮੁਰੀਦਾਂ ਨੂੰ ਤਸੀਹੇ ਦੇ-ਦੇ ਕੇ ਮਾਰ ਦਿੱਤਾ ਜਾਵੇ।
ਔਰੰਗਜ਼ੇਬ ਦੇ ਹੁਕਮ ਅਨੁਸਾਰ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ। ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ਵਿਚ ਸੁੱਟ ਦਿੱਤਾ ਗਿਆ। ਇਸ ਪ੍ਰਕਾਰ ਇੱਕ-ਇੱਕ ਕਰਕੇ ਗੁਰੂ ਜੀ ਦੇ ਮੁਰੀਦਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਹੋਣੀ ਦੀ ਭੱਠੀ ਵਿਚ ਝੋਕ ਦਿੱਤਾ ਗਿਆ ਜਿਸ ਨੂੰ ਵੇਖ ਕੇ ਗੁਰੂ ਜੀ ਡੋਲੇ ਨਹੀਂ ਸਗੋਂ ਉਨ੍ਹਾਂ ਦਾ ਸਿਦਕ ਹੋਰ ਵੀ ਅਡੋਲ ਹੋ ਗਿਆ। ਅੰਤ ਮਿਤੀ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਕਾਜ਼ੀ ਨੇ ਫ਼ਤਵਾ ਪੜ੍ਹਿਆ। ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਪਰ ਆਪਣੇ ਮੂੰਹੋਂ ਸੀਅ ਨਾ ਉਚਾਰੀ। ਅਜਿਹੀ ਲਾਸਾਨੀ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਨੂੰ ਕੋਟਿਨ-ਕੋਟਿ ਪ੍ਰਣਾਮ!