ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁੱਕਰਵਾਰ ਨੂੰ ਵੀ ਫਗਵਾੜਾ ਦੇ ਨੈਸ਼ਨਲ ਹਾਈਵੇਅ ‘ਤੇ ਸਥਿਤ ਸ਼ੂਗਰ ਮਿੱਲ ਚੌਕ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਿਆ ਗਿਆ। ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਣ ਵਾਲੀ ਸੜਕ ਵੀ ਪੂਰੀ ਤਰ੍ਹਾਂ ਜਾਮ ਕਰ ਦਿੱਤੀ ਗਈ।
ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਮੰਗਲਵਾਰ ਤੋਂ ਲਗਾਤਾਰ ਸ਼ੂਗਰ ਮਿੱਲ ਚੌਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਹਾਲਾਂਕਿ ਰੱਖੜੀ ਮੌਕੇ ਕਿਸਾਨਾਂ ਨੇ ਹਾਈਵੇਅ ਦੇ ਦੋਵੇਂ ਪਾਸੇ ਦੇ ਰਸਤੇ ਖੋਲ ਦਿੱਤੇ ਸੀ। ਫਿਰ ਸ਼ੁੱਕਰਵਾਰ ਸਵੇਰ ਤੋਂ ਹੀ ਕਿਸਾਨਾਂ ਨੇ ਨੈਸ਼ਨਲ ਹਾਈਵੇ ਸਮੇਤ ਹੁਸ਼ਿਆਰਪੁਰ ਅਤੇ ਨਕੋਦਰ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ। ਪੁਲੀਸ-ਪ੍ਰਸ਼ਾਸਨ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਕਿਸਾਨ ਸ਼ੂਗਰ ਮਿੱਲ ਵੱਲ 72 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਅਦਾਇਗੀ ਨਹੀਂ ਹੁੰਦੀ, ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ੂਗਰ ਮਿੱਲ ਫਗਵਾੜਾ ਕੋਲ ਗੰਨੇ ਦਾ ਕਰੀਬ 72 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਫਗਵਾੜਾ ਟਰੈਫਿਕ ਪੁਲੀਸ ਵੱਲੋਂ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦੂਜੇ ਦਿਨ ਫਗਵਾੜਾ ਆਉਣ ਵਾਲੇ ਵਾਹਨਾਂ ਨੂੰ ਪਿੱਛੇ ਤੋਂ ਮੋੜ ਦਿੱਤਾ ਗਿਆ। ਲੁਧਿਆਣਾ-ਦਿੱਲੀ ਜਾਣ ਵਾਲੇ ਭਾਰੀ ਵਾਹਨਾਂ ਨੂੰ ਮਹਿਤਾਨ ਬਾਈਪਾਸ ਚੌਕ ਤੋਂ ਮੇਹਲੀ ਬਾਈਪਾਸ ਵੱਲ ਮੋੜ ਦਿੱਤਾ ਗਿਆ ਹੈ। ਇਸ ਮੌਕੇ ਸੁਰੱਖਿਆ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ-ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਕਿਸਾਨ ਸ਼ੂਗਰ ਮਿੱਲ ਚੌਕ ਵਿੱਚ ਪੱਕਾ ਮੋਰਚਾ ਲਗਾ ਰਹੇ ਹਨ।