Sukhbir Badal delivers all : ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਹਿਮ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਵਲੋਂ ਫੈਸਲਾ ਲਿਆ ਗਿਆ ਹੈ ਕਿ ਅਗਲੇ 15 ਦਿਨਾਂ ਤਕ ਪਾਰਟੀ ਦੇ ਸਾਰੇ ਸਿਆਸੀ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਫੈਸਲਾ ਸਿਹਤ ਵਿਭਾਗ ਦੀ ਟੀਮ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।
ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਲੇ 15 ਦਿਨਾਂ ਤਕ ਪਾਰਟੀ ਦੇ ਮੁੱਖ ਦਫਤਰ ਅਤੇ ਜਿਲ੍ਹਾ ਪੱਧਰ ‘ਤੇ ਕਿਸੇ ਤਰ੍ਹਾਂ ਦਾ ਕੋਈ ਸਿਆਸੀ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ ਤੇ ਕੋਈ ਜਲਸਾ ਜਾਂ ਧਰਨਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਦੇ ਸਮੁੱਚੇ ਕਾਡਰ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਪਾਰਟੀ ਪ੍ਰਧਾਨ ਵਲੋਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਾਰੀ ਕੀਤੇ ਗਏ ਸਾਰੇ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣਾ ਕੀਤੀ ਜਾਵੇ ਕਿਉਂਕਿ ਹੁਣ ਕੈਬਨਿਟ ਤਕ ਕੋਰੋਨਾ ਦੇ ਕੇਸ ਆਉਣੇ ਸ਼ੁਰੂ ਹੋ ਗਏ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਦੇ ਵਧਦੇ ਕੇਸਾਂ ਕਾਰਨ ਪਾਰਟੀ ਵਲੋਂ 15 ਦਿਨਾਂ ਲਈ ਸਾਰੀਆਂ ਸਰਗਰਮੀਆਂ ਨੂੰ ਮੁਅੱਤਲ ਕਰ ਦਿੱਤਾ ਜਾਵੇ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।