ਚੰਡੀਗੜ੍ਹ : ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਹਿੱਸਾ ਲੈਣ ਜਾ ਰਹੇ ਸੂਬੇ ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ 18 ਜੂਨ, 2021 ਨੂੰ ਉਨ੍ਹਾਂ ਨਾਲ ਰੂ-ਬਰੂ ਪ੍ਰੋਗਰਾਮ ਉਲੀਕਿਆ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ।
ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਹ ਸਮਾਗਮ ਵਰਚੂਅਲ ਤੌਰ ਉਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਉਲੰਪਿਕਸ ਲਈ ਕੁਆਲੀਫਾਈ ਕਰ ਚੁੱਕੇ 25 ਖਿਡਾਰੀ ਅਤੇ ਉਨ੍ਹਾਂ ਦੇ ਮਾਪੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਸ੍ਰੀ ਖਰਬੰਦਾ ਨੇ ਦੱਸਿਆ ਕਿ ਰਾਜ ਭਰ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਦਫ਼ਤਰਾਂ ਵਿੱਚ ਵੀਡੀਓ ਕਾਨਫਰੰਸਿੰਗ ਲਈ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਓਲੰਪਿਕਸ ਕੁਆਲੀਫਾਈ ਕਰ ਚੁੱਕੇ ਖਿਡਾਰੀਆਂ ਨੂੰ ਇਸ ਵਿਸ਼ਵ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਵਿੱਚ ਕੋਈ ਘਾਟ ਨਾ ਆਉਣ ਦੇਣ ਅਤੇ ਲੋੜ ਪੈਣ ਉਤੇ ਮੁੱਖ ਦਫ਼ਤਰ ਨੂੰ ਜਾਣਕਾਰੀ ਦੇ ਕੇ ਖਿਡਾਰੀਆਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ।
ਇਹ ਵੀ ਪੜ੍ਹੋ : ਦੇਰ ਰਾਤ ਲਿਫਟ ਦੇਣੀ ਪਈ ਮਹਿੰਗੀ, ਨੌਕਰੀ ਦੀ ਭਾਲ ‘ਚ ਜਾ ਰਹੇ ਨੌਜਵਾਨ ਨੇ ਟੈਂਪੂ ਚਾਲਕ ਦੀ ਜਾਨ ਲੈ ਨਦੀ ‘ਚ ਸੁੱਟਿਆ, ਗ੍ਰਿਫਤਾਰ