ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ‘ਤੇ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿੱਚ ਕੁਝ ਲੋਕ ਇਸ ਨੂੰ ਸਿੱਖ ਬਨਾਮ ਭਾਰਤ ਸਰਕਾਰ ਅਤੇ ਸਿੱਖ ਬਨਾਮ ਹਿੰਦੂ ਬਣਾਉਣਾ ਚਾਹੁੰਦੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨਾਲ ਉਨ੍ਹਾਂ ਦੇ ਮੰਸੂਬੇ ਨਾਕਾਮ ਹੋ ਗਏ। ਕਾਨੂੰਨ ਵਾਪਸ ਲੈਣ ਨਾਲ ਇੱਕ ਵੱਡੀ ਕੌਮੀ ਆਫ਼ਤ ਟਲ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਚਿੰਤਾ ਸੀ ਕਿ ਅੰਦੋਲਨ ਵਿੱਚ ਕੁਝ ਅਜਿਹੇ ਧੜੇ ਸਨ, ਜੋ ਸਿੱਖ ਸੋਚ, ਨਿਸ਼ਾਨ, ਫਲਸਫੇ, ਇਤਿਹਾਸ ਅਤੇ ਭਾਵਨਾਵਾਂ ਨੂੰ ਦਰਕਿਨਾਰ ਕਰ ਰਹੇ ਸਨ। ਕੁਝ ਅਜਿਹੇ ਗਰੁੱਪ ਵੀ ਸਨ ਜੋ ਇਸ ਸੰਘਰਸ਼ ਨੂੰ ਸਿੱਖਾਂ ਦਾ ਭਾਰਤ ਸਰਕਾਰ ਅਤੇ ਹਿੰਦੂਆਂ ਦਰਮਿਆਨ ਸੰਘਰਸ਼ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਦਾ ਖਮਿਆਜ਼ਾ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪੈਂਦਾ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਸਿੱਖ ਭਾਵਨਾਵਾਂ ਨੂੰ ਕਮਜ਼ੋਰ ਕਰਕੇ ਸਿੱਖ ਇਤਿਹਾਸ ਨੂੰ ਨਿਸ਼ਾਨੇ ‘ਤੇ ਲੈ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜੋ ਕੀਮਤੀ ਜਾਨਾਂ ਗਈਆਂ ਹਨ, ਉਨ੍ਹਾਂ ਦਾ ਹਮੇਸ਼ਾ ਅਫਸੋਸ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹਿੰਦੂ-ਸਿੱਖ ਰਿਸ਼ਤੇ ਨੂੰ ਮਜ਼ਬੂਤ ਰੱਖਣ ਦੀ ਕੋਸ਼ਿਸ਼ ਕਰਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੀ ਆੜ ਵਿੱਚ ਕੁਝ ਸ਼ਰਾਰਤੀ ਭਾਈਚਾਰੇ ਦਾ ਬਟਵਾਰਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉੱਥੇ ਹੀ, ਕੁਝ ਆਪਣੀ ਰਾਜਨੀਤਕ ਜ਼ਮੀਨ ਨੂੰ ਮਜਬੂਤ ਕਰਨ ਦਾ ਯਤਨ ਕਰ ਰਹੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਾਨੂੰਨਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਸਵਾਗਤਯੋਗ ਹੈ। ਇਸ ਨਾਲ ਭਵਿੱਖ ਵਿੱਚ ਹੋਣ ਵਾਲੀ ਬਿਪਤਾ ਦੂਰ ਹੋਈ।