ਖਾਲਿਸਤਾਨੀ ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਤਣਾਅ ਦਰਮਿਆਨ ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਅਲਟੀਮੇਟਮ ਦਿੱਤਾ ਸੀ। ਭਾਰਤ ਦੀ ਸਖ਼ਤੀ ਤੋਂ ਬਾਅਦ ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਰਵੱਈਆ ਨਰਮ ਹੋ ਗਿਆ ਹੈ।
ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਨਵੀਂ ਦਿੱਲੀ ਨਾਲ ਸਥਿਤੀ ਨੂੰ ਵਧਾਉਣਾ ਨਹੀਂ ਚਾਹੁੰਦੇ। ਰਿਪੋਰਟ ਮੁਤਾਬਕ ਕੈਨੇਡਾ ਭਾਰਤ ਨਾਲ ਜ਼ਿੰਮੇਵਾਰ ਅਤੇ ਉਸਾਰੂ ਸਬੰਧ ਜਾਰੀ ਰੱਖੇਗਾ।
ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਭਾਰਤ ਨੇ ਕੈਨੇਡਾ ਨੂੰ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ 10 ਅਕਤੂਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਫਾਈਨੈਂਸ਼ੀਅਲ ਟਾਈਮਜ਼ ਮੁਤਾਬਕ ਟਰੂਡੋ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਚਾਹੁੰਦੀ ਹੈ ਕਿ ਉਸ ਦੇ ਡਿਪਲੋਮੈਟ ਕੈਨੇਡੀਅਨ ਪਰਿਵਾਰਾਂ ਦੀ ਮਦਦ ਲਈ ਭਾਰਤ ਵਿੱਚ ਰਹਿਣ।
ਦੱਸ ਦਈਏ ਕਿ ਭਾਰਤ ਨੇ ਕੈਨੇਡਾ ਨੂੰ ਸਪੱਸ਼ਟ ਸ਼ਬਦਾਂ ‘ਚ ਕਿਹਾ ਹੈ ਕਿ ਜੇਕਰ 10 ਅਕਤੂਬਰ ਤੋਂ ਬਾਅਦ ਵੀ ਇਹ ਡਿਪਲੋਮੈਟ ਭਾਰਤ ‘ਚ ਰਹਿੰਦੇ ਹਨ ਤਾਂ ਉਨ੍ਹਾਂ ਦੀ ਡਿਪਲੋਮੈਟਿਕ ਛੋਟ ਵੀ ਵਾਪਸ ਲੈ ਲਈ ਜਾਵੇਗੀ। ਰਿਪੋਰਟ ਮੁਤਾਬਕ ਇਸ ਸਮੇਂ ਭਾਰਤ ‘ਚ 62 ਕੈਨੇਡੀਅਨ ਡਿਪਲੋਮੈਟ ਹਨ। ਮੋਦੀ ਸਰਕਾਰ ਨੇ ਇਸ ਨੂੰ ਘਟਾ ਕੇ 21 ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਥਾਣੇ ‘ਚ ਡ੍ਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ
ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਉਦੋਂ ਪੈਦਾ ਹੋ ਗਿਆ ਸੀ ਜਦੋਂ 18 ਸਤੰਬਰ ਨੂੰ ਕੈਨੇਡਾ ਨੇ ਹਰਦੀਪ ਨਿੱਜਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਦੇਸ਼ ਛੱਡਣ ਦਾ ਹੁਕਮ ਵੀ ਜਾਰੀ ਕਰ ਦਿੱਤਾ ਸੀ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਸੰਸਦ ਵਿੱਚ ਬੋਲਦਿਆਂ ਭਾਰਤ ‘ਤੇ ਦੋਸ਼ ਲਾਇਆ ਸੀ ਕਿ ਕੈਨੇਡੀਅਨ ਨਾਗਰਿਕ ਹਰਦੀਪ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮਿਲੇ ਹਨ ਅਤੇ ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਟਰੂਡੋ ਨੇ ਕਿਹਾ ਸੀ ਕਿ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਹਰਦੀਪ ਨਿੱਝਰ ਦੇ ਕਤਲ ਦਰਮਿਆਨ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ।
ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਹੈ ਕਿ ਕੈਨੇਡਾ ਵਿਚ ਹਿੰਸਾ ਦੀ ਕਿਸੇ ਵੀ ਘਟਨਾ ਵਿਚ ਭਾਰਤ ਸਰਕਾਰ ਦੇ ਸ਼ਾਮਲ ਹੋਣ ਦੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ।
ਵੀਡੀਓ ਲਈ ਕਲਿੱਕ ਕਰੋ -: