Unidentified men attack sleeping : ਪਠਾਨਕੋਟ ਜ਼ਿਲ੍ਹੇ ਦੇ ਥਰਿਆਲ ਪਿੰਡ ’ਚ ਬੁੱਧਵਾਰ ਰਾਤ ਨੂੰ ਅਚਾਨਕ ਇਕ ਪਰਿਵਾਰ ’ਤੇ ਉਸ ਵੇਲੇ ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਜਦੋਂ ਉਹ ਸੌਂ ਰਹੇ ਸਨ। ਇਸ ਘਟਨਾ ਵਿਚ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ, ਉਥੇ ਹੀ ਪੰਜ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਪਠਾਨਕੋਟ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿਚ ਇਹ ਘਟਨਾ ਲੁੱਟ ਦੀ ਲਗ ਰਹੀ ਹੈ।
ਹਮਲੇ ਦੇ ਸ਼ਿਕਾਰ ਲੋਕਾਂ ਦੀ ਪਛਾਣ ਠੇਕੇਦਾਰ ਅਸ਼ੋਕ ਕੁਮਾਰ ਅਤੇ ਉਸ ਦੇ ਪਰਿਵਾਰ ਵਾਲਿਆਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ ਪੂਰਾ ਪਰਿਵਾਰ ਸੁੱਤਾ ਹੋਇਆ ਸੀ, ਅਚਾਨਕ ਕੁਝ ਅਣਪਛਾਤੇ ਲੋਕ ਘਰ ਵਿਚ ਦਾਖਲ ਹੋ ਗਏ। ਇਨ੍ਹਾਂ ਨੇ ਆਉਂਦੇ ਹੀ ਪਰਿਵਾਰ ਦੇ ਲੋਕਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅਚਾਨਕ ਹੋਏ ਇਸ ਹਮਲੇ ਵਿਚ ਪਰਿਵਾਰ ਦਾ ਕੋਈ ਵੀ ਮੈਂਬਰ ਆਪਣਾ ਬਚਾਅ ਨਹੀਂ ਕਰ ਸਕਿਆ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ।
ਰੌਲਾ ਸੁਣ ਕੇ ਆਲੇ-ਦੁਆਲੇ ਦੇ ਲੋਕ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਪਰਿਵਾਰ ਦੇ ਮੁਖੀ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ, ਜਦਕਿ ਉਸ ਦੀ ਪਤਨੀ, ਪੁੱਤਰਾਂ ਤੇ ਨੂੰਹਾਂ ਨੂੰ ਲੋਕਾਂ ਨੇ ਹਸਪਤਾਲ ਪਹੁੰਚਾਇਆ। ਇਸ ਬਾਰੇ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ-ਪੜਤਾਲ ਸ਼ੁਰੂ ਕੀਤੀ ਤਾਂ ਘਰ ਦਾ ਸਾਮਾਨ ਖਿਲਰਿਆ ਮਿਲਿਆ। ਇਸ ਨੂੰ ਦੇਖ ਕੇ ਲੱਗ ਰਿਹਾ ਹੈ ਕਿ ਘਰ ਵਿਚ ਸਾਮਾਨ ਵੀ ਚੋਰੀ ਕੀਤਾ ਗਿਆ ਹੈ। ਥਾਣਾ ਸੁਜਾਨਪੁਰ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹਨ। ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ਤੋਂ ਸਬੂਤ ਇਕੱਠੇ ਕਰਕੇ ਮਾਮਲਾ ਦਰਜ ਕਰ ਲਿਆ ਹੈ।