ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਆਪਣੀ ਪਤਨੀ ਐਮੀ ਵੇਕਲੈਂਡ ਅਤੇ ਇੱਕ ਪਰਿਵਾਰਕ ਮੈਂਬਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਪਹੁੰਚਣ ਦੌਰਾਨ ਰਾਜਦੂਤ ਗਾਰਸੇਟੀ ਨੇ ਪਰਿਕਰਮਾ ਕਰਦੇ ਹੋਏ ਲੰਗਰ ਹਾਲ ਗਏ ਆਪਣੇ ਹੱਥਾਂ ਨਾਲ ਸੇਵਾ ਕੀਤੀ। ਬਾਅਦ ਵਿੱਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਗਏ, ਜਿੱਥੇ ਉਨ੍ਹਾਂ ਨੂੰ ਹਜ਼ੂਰੀ ਸਿੰਘਾਂ ਵੱਲੋਂ ਫੁੱਲਾਂ ਦੀ ਮਾਲਾ ਅਤੇ ਪਤਾਸਿਆਂ ਦਾ ਪ੍ਰਸ਼ਾਦ ਭੇਟ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਅੰਬੈਸਡਰ ਗਾਰਸੇਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਕਿਤਾਬਾਂ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਅਤੇ ਅੰਬੈਸਡਰ ਗਰਸੇਟੀ ਨੇ ਇੱਕ ਮੀਟਿੰਗ ਦੌਰਾਨ ਇੱਕ ਦੂਜੇ ਨਾਲ ਵੱਖ-ਵੱਖ ਵਿਸ਼ਿਆਂ ‘ਤੇ ਚਰਚਾ ਕੀਤੀ।
ਰਾਜਦੂਤ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਮਰੀਕਾ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਕਿਹਾ। ਰਾਜਦੂਤ ਨੇ ਇਸ ਦਾ ਹਾਂ-ਪੱਖੀ ਹੁੰਗਾਰਾ ਦਿੱਤਾ।
ਆਪਣੀ ਫੇਰੀ ਬਾਰੇ ਰਾਜਦੂਤ ਗਾਰਸੇਟੀ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ ਕਿ, “ਦੁਨੀਆ ਵਿੱਚ ਕੁਝ ਸਥਾਨ ਅਜਿਹੇ ਹਨ ਜੋ ਸੱਚਮੁੱਚ ਪਵਿੱਤਰ ਹਨ – ਇਹ ਗੋਲਡਨ ਟੈਂਪਲ ਉਸ ਸੂਚੀ ਵਿੱਚ ਸਭ ਤੋਂ ਉੱਪਰ ਹੈ। ਤੁਸੀਂ ਨਾ ਸਿਰਫ਼ ਇਸ ਸਥਾਨ ਦੀ ਪਵਿੱਤਰਤਾ ਨੂੰ ਮਹਿਸੂਸ ਕਰ ਸਕਦੇ ਹੋ, ਪਰ ਲੋਕਾਂ ਦੀ ਖੁੱਲ੍ਹੇ ਦਿਲ ਨਾਲ ਸੇਵਾ ਨਾ ਸਿਰਫ਼ ਸੰਸਾਰ ਨੂੰ ਪਰਿਭਾਸ਼ਿਤ ਕਰਦੀ ਹੈ ਜਿਵੇਂ ਕਿ ਇਹ ਹੋ ਸਕਦਾ ਹੈ। ਅਮਰੀਕਾ ਅਤੇ ਸਿੱਖ ਧਰਮ ਦੀ ਡੂੰਘੀ ਦੋਸਤੀ ਸਾਡੇ ਸੰਸਾਰ ਵਿੱਚ ਹਮੇਸ਼ਾ ਸ਼ਾਂਤੀ ਲਿਆਵੇ। ਡੂੰਘੇ ਸਤਿਕਾਰ ਅਤੇ ਦੋਸਤੀ ਨਾਲ। ”
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਦਾ ਇੱਥੇ ਪੁੱਜਣ ’ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਾਜਦੂਤ ਗਾਰਸੇਟੀ ਨੇ ਪ੍ਰਗਟਾਵਾ ਕੀਤਾ ਕਿ ਉਨ੍ਹਾਂ ਦੇ ਗ੍ਰਹਿ ਰਾਜ ਕੈਲੀਫੋਰਨੀਆ ਵਿਚ ਵੱਡੀ ਗਿਣਤੀ ਵਿਚ ਸਿੱਖ ਰਹਿੰਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਚੰਗੇ ਅਤੇ ਪੁਰਾਣੇ ਸਬੰਧ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਇਸ ਤਰੀਕ ਨੂੰ ਗਰਜ-ਚਮਕ ਨਾਲ ਪਏਗਾ ਮੀਂਹ!
ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੰਬੈਸਡਰ ਗਾਰਸੇਟੀ ਨੂੰ ਅਮਰੀਕਾ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਅਤੇ ਪੰਜਾਬੀ ਭਾਈਚਾਰੇ ਦੇ ਲੋਕ ਰਹਿੰਦੇ ਹਨ, ਜਿਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਨਾਲ ਕਾਫੀ ਸਹੂਲਤ ਮਿਲੇਗੀ ਅਤੇ ਨਵੀਂ ਦਿੱਲੀ ਤੋਂ ਪੰਜਾਬ ਆਉਣ ਦੇ ਖਰਚੇ ਅਤੇ ਪਰੇਸ਼ਾਨੀ ਤੋਂ ਵੀ ਬਚਿਆ ਜਾ ਸਕੇਗਾ।