ਲੁਧਿਆਣਾ ਵਿਚ ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਇਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਨੂੰ 3000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ ਜੋ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਕੋਲ ਏਜੰਟ ਵਜੋਂ ਕੰਮ ਕਰ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਪਾਇਲ ਦੇ ਪਿੰਡ ਨਿਜਾਮਪੁਰ ਵਾਸੀ ਅਮਰਿੰਦਰ ਸਿੰਘ ਵੱਲੋਂ ਦਰਜ ਕਰਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪਟਵਾਰੀ ਨੇ ਉਸ ਦੀ ਪੁਸ਼ਤੈਨੀ ਜ਼ਮੀਨ ਦਾ ਮਾਲੀਆ ਰਿਕਾਰਡ ਵਿਚ ਇੰਤਜ਼ਕਾਲ ਦਰਜ ਕਰਨ ਲਈ 5000 ਰੁਪਏ ਦੀ ਮੰਗ ਕੀਤੀ ਹੈ ਪਰ ਸੌਦਾ 3000 ਵਿਚ ਤੈਅ ਹੋਇਆ ਹੈ। ਸੰਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿਚ ਉਕਤ ਨਿੱਜੀ ਵਿਅਕਤੀ ਨੂੰ ਪਟਵਾਰਖਾਨਾ ਪਾਇਲ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ ਪਟਵਾਰੀ ਵੱਲੋਂ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਭਾਜਪਾ ਆਗੂ ਰਵਨੀਤ ਬਿੱਟੂ ਪਹੁੰਚੇ ਡਾ. ਸੁਰਜੀਤ ਪਾਤਰ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫਤਾਰੀ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਦੇ ਲੁਧਿਆਣਾ ਰੇਂਜ ਦੇ ਪੁਲਿਸ ਸਟੇਸ਼ਨ ਵਿਚ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ।