ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਵਿਰੋਧ ਪ੍ਰਦਰਸ਼ਨ ਵਿਰੁੱਧ ਦਾਇਰ ਦੋ ਪਟੀਸ਼ਨਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਹ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਨੇ ਕੀਤੀ।
ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਮੌਲਿਕ ਅਧਿਕਾਰਾਂ ਵਿਚ ਸੰਤੁਲਨ ਹੋਣਾ ਚਾਹੀਦਾ ਹੈ। ਕਿਸਾਨਾਂ ਅਤੇ ਆਮ ਲੋਕਾਂ ਦਾ ਆਪਣਾ ਹੱਕ ਹੈ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਸੁਲਝਾਉਣ।
ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਹ ਵੀ ਕਿਹਾ ਕਿ ਤਾਕਤ ਦੀ ਕੋਈ ਵੀ ਵਰਤੋਂ ਆਖਰੀ ਬਦਲ ਹੋਣਾ ਚਾਹੀਦਾ ਹੈ। ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਕੀਤਾ ਜਾਣਾ ਚਾਹੀਦਾ। ਮਾਮਲੇ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਹੋਵੇਗੀ।
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਕਿਸਾਨਾਂ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਲਈ ਹੈ। ਜਿਸ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੇ ਸੂਬੇ ‘ਚੋਂ ਹੀ ਲੰਘ ਰਹੇ ਹਨ। ਉਨ੍ਹਾਂ ਨੂੰ ਆਉਣ ਅਤੇ ਜਾਣ ਦਾ ਅਧਿਕਾਰ ਹੈ। ਉਨ੍ਹਾਂ ਦਾ ਰਾਹ ਕਿਉਂ ਰੋਕਿਆ? ਤੁਸੀਂ ਕਿਉਂ ਪ੍ਰੇਸ਼ਾਨ ਹੋ? ਕੀ ਉਹ ਤੁਹਾਡੇ ਸੂਬੇ ਵਿੱਚ ਅੰਦੋਲਨ ਕਰ ਰਹੇ ਹਨ? ਤੁਸੀਂ ਸੜਕਾਂ ਕਿਉਂ ਬੰਦ ਕਰ ਰਹੇ ਹੋ? ਇਸ ਦੇ ਜਵਾਬ ਵਿੱਚ ਹਰਿਆਣਾ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਤੋਂ 5 ਕਿਲੋਮੀਟਰ ਪਹਿਲਾਂ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਹਥਿਆਰਾਂ ਨਾਲ ਟਰੈਕਟਰਾਂ ਨੂੰ ਮੋਡੀਫਾਈ ਕਰਾਇਆ ਹੈ। ਅਸੀਂ ਸਿਰਫ਼ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਚਾਹੁੰਦੇ ਹਾਂ।

ਹਾਈ ਕੋਰਟ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਸੀਲਿੰਗ ਨਹੀਂ ਕੀਤੀ ਹੈ। ਉਹ ਵਿਰੋਧ ਕਰਨ ਲਈ ਦਿੱਲੀ ਜਾ ਰਹੇ ਹਨ। ਜੇਕਰ ਉਹ ਸ਼ਾਂਤੀ ਨਾਲ ਜਾ ਰਹੇ ਹਨ ਤਾਂ ਅਸੀਂ ਇਸ ਦੀ ਇਜਾਜ਼ਤ ਦੇ ਰਹੇ ਹਾਂ। ਸਰਕਾਰ ਨੇ ਭੀੜ ਨੂੰ ਕਾਬੂ ਕਰਨ ਲਈ ਪੂਰੇ ਪ੍ਰਬੰਧ ਕੀਤੇ ਹਨ।
ਉਥੇ ਹੀ ਹਰਿਆਣਾ ਸਰਕਾਰ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ ਕੀਤਾ ਜਾ ਸਕਦਾ ਹੈ ਪਰ ਇੱਥੇ ਕਿਸਾਨ ਲੋਕਾਂ ਨੂੰ ਅਸੁਵਿਧਾ ਪੈਦਾ ਕਰ ਰਹੇ ਹਨ। ਉਨ੍ਹਾਂ ਦੇ ਪਿਛਲੇ ਰਿਕਾਰਡ ‘ਤੇ ਨਜ਼ਰ ਮਾਰੀਏ ਤਾਂ ਸਭ ਕੁਝ ਪਤਾ ਲੱਗ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਪੁੱਛਿਆ ਕਿ ਤੁਹਾਨੂੰ ਕਿਵੇਂ ਪਤਾ ਲੱਗਾ ਕਿ ਇਹ ਉਹੀ ਲੋਕ ਹਨ।
ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਕਿਸੇ ਰੋਕ ਦੇ ਦੇਸ਼ ਵਿੱਚ ਜਾਣ ਦਾ ਹੱਕ ਹੈ। ਹਾਲਾਂਕਿ, ਇਸੇ ਤਰ੍ਹਾਂ, ਰਾਜ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਨਾਗਰਿਕਾਂ ਦੀ ਸੁਰੱਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਹਾਈ ਕੋਰਟ ਨੇ ਕਿਹਾ- ਬੋਲਣ ਅਤੇ ਪ੍ਰਗਟ ਕਰਨ ਦੇ ਮੌਲਿਕ ਅਧਿਕਾਰ ਵਿੱਚ ਸੰਤੁਲਨ ਹੋਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਕੇਂਦਰ ਨੇ ਹਾਈ ਕੋਰਟ ‘ਚ ਕਿਹਾ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਉਹ ਚੰਡੀਗੜ੍ਹ ਵਿੱਚ ਹੀ ਮੀਟਿੰਗ ਕਰਨ ਲਈ ਤਿਆਰ ਹਨ। ਇਸ ਤੋਂ ਬਾਅਦ ਹਾਈਕੋਰਟ ਨੇ ਕੇਂਦਰ, ਹਰਿਆਣਾ, ਪੰਜਾਬ ਅਤੇ ਦਿੱਲੀ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਮੰਗੀ ਹੈ। ਹਾਈਕੋਰਟ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਮਾਮਲੇ ਨੂੰ ਸੁਲਝਾਉਣਾ ਚਾਹੀਦਾ ਹੈ।

ਦਿੱਲੀ ਦੇ ਵਕੀਲ ਨੇ ਬਾਰਡਰ ਬੰਦ ਕਰਨ ਅਤੇ ਇੰਟਰਨੈੱਟ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕੀਤੀ ਹੈ। ਐਡਵੋਕੇਟ ਉਦੈ ਪ੍ਰਤਾਪ ਨੇ ਕਿਹਾ ਕਿ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਦਲੀਲ ਦਿੱਤੀ ਕਿ ਸਰਹੱਦਾਂ ਬੰਦ ਕਰਨ ਅਤੇ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਬੰਦ ਕਰਨ ਨਾਲ ਇੱਕ ਪਾਸੇ ਕਿਸਾਨਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਅਤੇ ਦੂਜੇ ਪਾਸੇ ਆਮ ਲੋਕਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਪਟੀਸ਼ਨਕਰਤਾ ਨੇ ਸੁਪਰੀਮ ਕੋਰਟ (ਐਸਸੀ) ਦੁਆਰਾ ਇੱਕ ਕੇਸ ਵਿੱਚ ਸੁਣਾਏ ਗਏ ਫੈਸਲੇ ਦਾ ਹਵਾਲਾ ਦਿੱਤਾ ਹੈ ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰਦਰਸ਼ਨਾਂ ਲਈ ਜਨਤਕ ਮਾਰਗਾਂ ‘ਤੇ ਕਬਜ਼ਾ ਕਰਨਾ ਮਨਜ਼ੂਰ ਨਹੀਂ ਹੈ ਅਤੇ ਪ੍ਰਸ਼ਾਸਨ ਨੂੰ ਜਨਤਕ ਮਾਰਗਾਂ ਨੂੰ ਕਬਜ਼ਿਆਂ ਜਾਂ ਰੁਕਾਵਟਾਂ ਤੋਂ ਮੁਕਤ ਰੱਖਣਾ ਚਾਹੀਦਾ ਹੈ।
ਇਸ ਤੋਂ ਇਲਾਵਾ, ਕਈ ਜ਼ਿਲ੍ਹਿਆਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ ਵੱਖ-ਵੱਖ ਸੜਕਾਂ ‘ਤੇ ਸੀਮਿੰਟ ਬੈਰੀਕੇਡ, ਸਪਾਈਕ ਸਟ੍ਰਿਪਸ ਅਤੇ ਹੋਰ ਰੁਕਾਵਟਾਂ ਲਗਾਉਣਾ ਰਾਜ ਦੇ ਅਧਿਕਾਰੀਆਂ ਵੱਲੋਂ ਕਿਸੇ ਦੇ ਵਿਰੋਧ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਜੋ ਕਿ ਜਮਹੂਰੀ ਪ੍ਰਗਟਾਵੇ ਦੇ ਵਿਰੁੱਧ ਹੈ।
ਜਨਹਿੱਤ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਕਿ ਪੁਲਿਸ ਵੱਲੋਂ ਬਲਾਂ ਦੀ ਗੈਰ-ਵਾਜਬ ਵਰਤੋਂ ਅਤੇ ਡਰਾਉਣ-ਧਮਕਾਉਣ ਦੀਆਂ ਚਾਲਾਂ ਨਾਲ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦੀਆਂ ਹਨ ਬਲਕਿ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਦੇ ਸਿਧਾਂਤਾਂ ਨੂੰ ਵੀ ਕਮਜ਼ੋਰ ਕਰਦੀਆਂ ਹਨ। ਪਟੀਸ਼ਨ ਵਿੱਚ ਉਨ੍ਹਾਂ ਨੇ ਹਰਿਆਣਾ ਤੇ ਪੰਜਾਬ ਸਰਕਾਰਾਂ ਦੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਧਿਰ ਬਣਾਇਆ ਹੈ। ਹਾਈਕੋਰਟ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਸ਼ਾਂਤਮਈ ਧਰਨੇ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਚੁੱਕੇ ਗਏ ਸਾਰੇ ਕਦਮਾਂ ਨੂੰ ਤੁਰੰਤ ਰੋਕਿਆ ਜਾਵੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਕਾਰਨ ਯਾਤਰੀ ਹੋ ਰਹੇ ਪ੍ਰੇਸ਼ਾਨ, DMRC ਨੇ ਮੈਟਰੋ ਦੇ 9 ਸਟੇਸ਼ਨਾਂ ‘ਤੇ ਕਈ ਗੇਟ ਬੰਦ ਕਰਨ ਦਾ ਕੀਤਾ ਐਲਾਨ
ਦੂਜੀ ਪਟੀਸ਼ਨ ਐਡਵੋਕੇਟ ਅਰਵਿੰਦ ਸੇਠ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਹਦਾਇਤਾਂ ਦੇਣ ਦੀ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਵਿੱਚ ਕੋਈ ਵੀ ਕੌਮੀ ਮਾਰਗ, ਰਾਜ ਮਾਰਗ ਅਤੇ ਰੇਲਵੇ ਟਰੈਕ ਕਿਸਾਨਾਂ ਵੱਲੋਂ ਬੰਦ ਨਾ ਕੀਤਾ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਪ੍ਰਦਰਸ਼ਨਕਾਰੀਆਂ ਖਿਲਾਫ ਨੈਸ਼ਨਲ ਹਾਈਵੇ ਐਕਟ 1956 ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਹਜ਼ਾਰਾਂ ਵਾਹਨ ਦਿੱਲੀ ਵੱਲ ਜਾ ਰਹੇ ਹਨ। ਕਿਸੇ ਨੂੰ ਵੀ ਰਾਸ਼ਟਰੀ ਰਾਜ ਮਾਰਗ ਜਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਸਪਤਾਲ ਜਾਣ ਵਾਲੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਸਰਕਾਰ ਵੱਲੋਂ ਪ੍ਰਦਰਸ਼ਨ ਲਈ ਥਾਂਵਾਂ ਨਿਸ਼ਚਿਤ ਕੀਤੀਆਂ ਗਈਆਂ ਹਨ, ਉੱਥੇ ਪ੍ਰਦਰਸ਼ਨ ਹੋ ਸਕਦਾ ਹੈ। ਉਹ ਆਪਣੇ ਪ੍ਰਦਰਸ਼ਨ ਨਾਲ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕਰ ਸਕਦਾ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























