ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਘਰਿਆਲਾ ‘ਚ ਦੇਰ ਰਾਤ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਜਿੰਮ ਮਾਲਕ ਦਾ ਘਰ ‘ਚ ਵੜ ਕੇ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ। ਇਸ ਘਟਨਾ ਦੇ ਕੁਝ ਘੰਟਿਆਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਸ ਕਤਲਕਾਂਡ ਦਾ ਪਰਦਾਫਾਸ਼ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਘੜਿਆਲਾ ਨੇ ਕਰੀਬ ਅੱਠ ਸਾਲ ਵਿਦੇਸ਼ ਵਿੱਚ ਨੌਕਰੀ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਪਿੰਡ ਪਹੁੰਚ ਕੇ ਜਿਮ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਬੀਤੀ ਰਾਤ ਕਰੀਬ 1.30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਰਣਜੀਤ ਸਿੰਘ ਦੇ ਘਰ ਦਾਖਲ ਹੋ ਕੇ ਰਿਵਾਲਵਰ ਨਾਲ ਉਸ ਨੂੰ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੀ ਪਤਨੀ ਅਤੇ ਪੁੱਤਰ ਨਾਲ ਕਮਰੇ ਵਿੱਚ ਸੁੱਤਾ ਪਿਆ ਸੀ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਸਰੀਰ ਵਿੱਚ ਪੰਜ ਗੋਲੀਆਂ ਲੱਗਣ ਨਾਲ ਰਣਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਘਰ ‘ਚ ਮੌਜੂਦ ਪਿਤਾ ਮਲੂਕ ਸਿੰਘ ਹਮਲਾਵਰਾਂ ਨੂੰ ਫੜਨ ਲਈ ਅੱਗੇ ਆਏ ਤਾਂ ਦੋਸ਼ੀ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਹੋ ਗਏ।
ਇਸ ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਪੱਟੀ ਦੇ ਮੁਖੀ ਗੁਰਤੇਜ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪੱਟੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਤਲ ਪਿੱਛੇ ਰਣਜੀਤ ਸਿੰਘ ਦੀ ਪਤਨੀ ਦਾ ਹੱਥ ਹੋਣ ਦਾ ਖੁਲਾਸਾ ਹੋਇਆ ਹੈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਬਲਜੀਤ ਕੌਰ ਤੋਂ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਹੈ ਕਿ ਉਸ ਦੇ ਪਿੰਡ ਲੱਖਾ ਦੇ ਮਹਾਂਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ।
ਇਹ ਵੀ ਪੜ੍ਹੋ : ਬਟਾਲਾ ‘ਚ CA ਦੇ ਘਰ NIA ਨੇ ਮਾਰੀ ਰੇਡ, ਕੰਧ ਟੱਪ ਕੇ ਘਰ ਅੰਦਰ ਵੜੀ ਟੀਮ
ਡੀ.ਐਸ.ਪੀ. ਨੇ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਪਿਤਾ ਨੇ ਵੀ ਕੁਝ ਮਹੀਨੇ ਪਹਿਲਾਂ ਹਲਫੀਆ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੀ ਬੇਟੀ ਭਵਿੱਖ ‘ਚ ਅਜਿਹੀ ਕੋਈ ਗਲਤੀ ਨਹੀਂ ਕਰੇਗੀ। ਉਸ ਨੇ ਦੱਸਿਆ ਕਿ ਮਹਾਂਵੀਰ ਸਿੰਘ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਰਣਜੀਤ ਸਿੰਘ ਨੂੰ ਪਿਸਤੌਲ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੀ ਪਤਨੀ ਬਲਜੀਤ ਕੌਰ, ਮਹਾਂਵੀਰ ਸਿੰਘ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –