Captain orders payment : ਚੰਡੀਗੜ੍ਹ : ਰਿਜ਼ਰਵ ਬੈਂਕ ਨੇ ਬੁੱਧਵਾਰ ਨੂੰ ਅਕਤੂਬਰ ਮਹੀਨੇ ਲਈ ਸਾਉਣੀ ਮਾਰਕੀਟਿੰਗ ਸੀਜ਼ਨ 2020-21 ਵਿੱਚ ਝੋਨੇ ਦੀ ਖਰੀਦ ਲਈ 30,220.82 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀਸੀਐਲ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਹਿਲਾਂ ਤੋਂ ਖਰੀਦ ਕੀਤੇ ਅਨਾਜ ਵਿਰੁੱਧ ਬਕਾਇਆ ਅਦਾਇਗੀਆਂ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੂਰੇ ਝੋਨੇ ਦੀ ਖਰੀਦ ਸੀਜ਼ਨ ਲਈ ਸੀਸੀਐਲ ਦੀ ਕੁੱਲ ਸੰਭਾਵਤ ਰਕਮ 35,552 ਕਰੋੜ ਰੁਪਏ ਹੈ। ਜਿਸ ਵਿਚੋਂ 30,220.82 ਰੁਪਏ ਕਰੋੜ ਜਾਰੀ ਕੀਤੇ ਗਏ ਹਨ ਅਤੇ ਬਾਕੀ ਰਕਮ ਇਸ ਮਹੀਨੇ ਦੇ ਅਖੀਰ ਵਿੱਚ ਰਾਸ਼ੀ ਨੂੰ ਸੋਧਣ ਦੇ ਮਾਨਕ ਅਭਿਆਸ ਦੇ ਅਨੁਸਾਰ ਜਾਰੀ ਕੀਤੀ ਜਾਏਗੀ, ਜਦਕਿ ਨਵੰਬਰ ਲਈ ਸੀਸੀਐਲ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਖਰੀਦ ਦੀ ਰਫਤਾਰ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਕਿਹਾ ਹੈ ਕਿ ਖਰੀਦ ਦੀ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਹੁਣ ਖਰੀਦ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਵੱਖ ਵੱਖ ਏਜੰਸੀਆਂ ਵੱਲੋਂ ਹੁਣ ਤੱਕ 15.6 ਐਲ.ਐਮ.ਟੀ ਝੋਨੇ ਦੀ ਖਰੀਦ ਕਰਕੇ ਤਸੱਲੀ ਵੀ ਜ਼ਾਹਰ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਝੋਨੇ ਦੀ ਕਾਸ਼ਤ ਅਧੀਨ ਰਕਬੇ ਵਿਚ 27.36 ਲੱਖ ਹੈਕਟੇਅਰ ਰਕਬੇ ਵਿਚ 27 ਸਤੰਬਰ ਤੋਂ ਸ਼ੁਰੂ ਹੋਏ ਚਾਲੂ ਸੀਜ਼ਨ ਵਿੱਚ ਪੰਜਾਬ 171 ਲੱਖ ਮੀਟ੍ਰਿਕ ਟਨ ਦੀ ਖਰੀਦ ਦਾ ਟੀਚਾ ਹੈ। ਕੋਵਿਡ-19 ਦੇ ਤਹਿਤ ਸਰਕਾਰ ਦੁਆਰਾ ਪਰੇਸ਼ਾਨੀ ਮੁਕਤ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਝੋਨੇ ਦੀ ਨਿਰਵਿਘਨ ਖਰੀਦ ਲਈ ਲਗਭਗ 4000 ਖਰੀਦ ਕੇਂਦਰਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ, ਜਿਸ ਨਾਲ ਕੋਵਿਡ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਏਗੀ।