ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਵਿੱਚ ਅਚਾਨਕ 10 ਦਿਨ ਦੀ ਦੇਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨਾਂ ਅਤੇ ਪੰਜਾਬ ਸਰਕਾਰ ਵਿੱਚ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਹੋ ਗਈ ਹੈ। ਹਾਲਾਂਕਿ ਮੁੱਖ ਮੰਤਰੀ ਚੰਨੀ ਨੇ ਇੱਕ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ। ਪਰ ਝੋਨੇ ਦੀ ਖਰੀਦ ਵਿੱਚ ਦੇਰੀ ਕਾਰਨ ਕਿਸਾਨਾਂ ਵਿੱਚ ਗੁੱਸਾ ਫੈਲ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਇਹ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ 4 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਤੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ‘ਤੇ ਵਿਚਾਰ ਚਰਚਾ ਹੋ ਸਕਦੀ ਹੈ। ਦੱਸ ਦੇਈਏ ਕਿ ਇਸ ਵਾਰ ਸੂਬੇ ਵਿੱਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਸੀ। ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ ਅਤੇ ਖਰੀਦ ਸ਼ੁਰੂ ਹੋਣ ਵਾਲੀ ਸੀ। ਇਸ ਦੌਰਾਨ ਵੀਰਵਾਰ ਦੇਰ ਸ਼ਾਮ ਹੁਕਮ ਆਇਆ ਕਿ ਹੁਣ 11 ਅਕਤੂਬਰ ਤੋਂ ਖਰੀਦ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਕਾਰਨ ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਹੋਈ ਬਾਰਿਸ਼ ਦੇ ਕਾਰਨ ਝੋਨੇ ਵਿੱਚ ਨਮੀ ਹੈ ਅਤੇ ਇਸਨੂੰ ਖਰੀਦਿਆ ਨਹੀਂ ਜਾ ਸਕਦਾ। ਜਦੋਂ ਕਿ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਮੀਂਹ ਦਾ ਅਜਿਹਾ ਕੋਈ ਪ੍ਰਭਾਵ ਨਹੀਂ ਹੈ।
ਇਹ ਵੀ ਪੜ੍ਹੋ : ਸਿੱਧੂ ਨਾਲ ਟਕਰਾਅ ਵਿਚਕਾਰ ਪੰਜਾਬ ‘ਚ DGP ਦੀ ਨਿਯੁਕਤੀ ਨੂੰ ਲੈ ਕੇ ਆ ਸਕਦਾ ਹੈ ਇਹ ਵੱਡਾ ਫੈਸਲਾ
ਕੇਂਦਰ ਸਰਕਾਰ ਨੇ ਤਿੰਨ ਖੇਤੀਬਾੜੀ ਕਾਨੂੰਨ ਲਿਆਂਦੇ ਸਨ ਅਤੇ ਉਦੋਂ ਤੋਂ ਪੂਰੇ ਦੇਸ਼ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਕਿਸਾਨ 11 ਮਹੀਨਿਆਂ ਤੋਂ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। 800 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਚਾਨਕ ਲਿਆ ਗਿਆ ਫੈਸਲਾ ਮਨਮਾਨਾ ਹੈ। ਕਿਸਾਨਾਂ ‘ਤੇ ਫੈਸਲੇ ਥੋਪੇ ਜਾ ਰਹੇ ਹਨ। ਕਿਸਾਨਾਂ ਨੇ ਫਸਲ ਦੀ ਕਟਾਈ ਕਰ ਲਈ ਹੈ ਅਤੇ ਉਹ ਇਸਨੂੰ ਮੰਡੀ ਵਿੱਚ ਲਿਆਉਣ ਲਈ ਤਿਆਰ ਹਨ ਅਤੇ ਹੁਣ ਇਹ ਤੁਗਲਕੀ ਫ਼ਰਮਾਨ ਸੁਣਾਇਆ ਜਾ ਰਿਹਾ ਹੈ।
ਕੇਂਦਰ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਨਾਲ ਕਿਸਾਨਾਂ ਵਿੱਚ ਨਿਰਾਸ਼ਾ ਵੀ ਹੈ ਤੇ ਸੰਤੁਸ਼ਟੀ ਵੀ ਹੈ। ਕਿਸਾਨਾਂ ਦਾ ਕਹਿਣਾ ਹੈ, ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਹੀ ਸ਼ੁਰੂ ਕੀਤੀ ਜਾਵੇ ਕਿਉਂਕਿ ਹਮੇਸ਼ਾ ਹੀ ਸਰਕਾਰੀ ਖਰੀਦ ਲੇਟ ਹੋ ਜਾਂਦੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪੈਸੇ ਪੁਰਾਣੀਆਂ ਹਦਾਇਤਾਂ ਅਨੁਸਾਰ ਹੀ ਦਿੱਤੇ ਜਾਣ, ਜਿਸ ਨਾਲ ਉਨ੍ਹਾਂ ਨੂੰ ਖੱਜਲ-ਖੁਆਰੀ ਨਾ ਹੋਵੇ।
ਇਹ ਵੀ ਪੜ੍ਹੋ : ਸਿੱਧੂ ਦੀ ਨਾਰਾਜ਼ਗੀ ਵਿਚਾਲੇ CM ਚੰਨੀ ਅੱਜ ਫਿਰ ਜਾਣਗੇ ਦਿੱਲੀ, ਸੋਨੀਆ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ