ਉਤਰਾਖੰਡ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਲਈ ਅੱਜ ਯਾਨੀ ਐਤਵਾਰ ਨੂੰ ਬੰਦ ਕਰ ਦਿੱਤੇ ਗਏ ਹਨ। ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ, ਕੀਰਤਨ ਅਤੇ ਅਰਦਾਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ ਨਾਲ ਪੰਜ ਪਿਆਰਿਆਂ ਦੀ ਅਗਵਾਈ ’ਚ ਗੁਰੂ ਗ੍ਰੰਥ ਸਾਹਿਬ ਨੂੰ ਸੁੱਖ ਆਸਨ ਸਥਾਨ ‘ਤੇ ਸਤਿਕਾਰ ਨਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ: ਟਿਕੈਤ ਦੇ ‘ਰਿਐਕਸ਼ਨ ਟੂ ਐਕਸ਼ਨ’ ਵਾਲੇ ਬਿਆਨ ‘ਤੇ ਭੜਕੇ BJP ਨੇਤਾ, ਪੁੱਛਿਆ ਇਹ ਸਵਾਲ
ਕੜਕਦੀ ਠੰਡ ਦੇ ਬਾਵਜੂਦ 1800 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਬੰਦ ਹੋਣ ਸਮੇਂ ਮੌਕੇ ‘ਤੇ ਮੌਜੂਦ ਸਨ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਕਾਰਨ ਚਾਰ ਧਾਮਾਂ ਵਾਂਗ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਇਸ ਸਾਲ ਦੇਰੀ ਨਾਲ ਸ਼ੁਰੂ ਹੋਈ ਸੀ। ਇਹ ਯਾਤਰਾ ਇਸ ਸਾਲ 18 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ।
ਸ੍ਰੀ ਹੇਮਕੁੰਟ ਸਾਹਿਬ 4,633 ਮੀਟਰ ਦੀ ਉਚਾਈ ‘ਤੇ ਸਥਿਤ ਹੈ। ਇਸ ਦੇ ਬਾਵਜੂਦ ਇਸ ਸਾਲ ਲਗਭਗ 11,000 ਸ਼ਰਧਾਲੂ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਹਰ ਸਾਲ ਸਰਦੀਆਂ ਵਿੱਚ ਭਾਰੀ ਬਰਫਬਾਰੀ ਦੇ ਕਾਰਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰੇ ਦੇ ਦਰਵਾਜ਼ੇ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਅਗਲੇ ਸਾਲ ਮਈ ਵਿੱਚ ਦੁਬਾਰਾ ਖੋਲ੍ਹ ਦਿੱਤੇ ਜਾਂਦੇ ਹਨ।