Kunwar Vijay Pratap : ਚੰਡੀਗੜ੍ਹ: ਕੁੰਵਰ ਵਿਜੇ ਪ੍ਰਤਾਪ ਨੂੰ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਬਹੁਤ ਸਾਰੇ ਵਕੀਲ ਉਨ੍ਹਾਂ ਦੇ ਵਿਰੁੱਧ ਹੋ ਗਏ ਹਨ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਮੁਖੀ ਨੂੰ ਵੀ ਲਿਖਤੀ ਤੌਰ ‘ਤੇ ਸ਼ਿਕਾਇਤ ਭੇਜੀ ਗਈ ਸੀ। ਹੁਣ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਖੁਦ ਅਨੁਸ਼ਾਸਨੀ ਕਮੇਟੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਇਹ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਬਾਰ ਕੌਂਸਲ ਨੇ ਸਵੀਕਾਰ ਕਰ ਲਿਆ ਹੈ।
ਹਾਈਕੋਰਟ ਦੇ ਸੀਨੀਅਰ ਵਕੀਲ ਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਪਰਮਪ੍ਰੀਤ ਸਿੰਘ ਬਾਜਵਾ ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਨਿਆਂ ਪ੍ਰਣਾਲੀ ਦਾ ਸਤਿਕਾਰ ਨਹੀਂ ਕਰਦੇ। ਕਿਉਂਕਿ ਉਹ ਕਈ ਵਾਰ ਨਿਆਂ ਪ੍ਰਣਾਲੀ ਦੇ ਖਿਲਾਫ ਬਿਆਨ ਦੇ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਮੈਂਬਰ ਰੱਦ ਕਰ ਦੇਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਵੱਡਾ ਫ਼ੈਸਲਾ ਸੁਣਾਇਆ ਸੀ। ਅਦਾਲਤ ਨੇ ਕੁੰਵਰ ਵਿਜੇ ਪ੍ਰਤਾਪ ਵੱਲੋਂ ਜਾਰੀ ਜਾਂਚ ਰਿਪੋਰਟ ਨੂੰ ਖ਼ਾਰਜ ਕਰ ਦਿੱਤਾ ਸੀ। ਇੰਨਾਂ ਹੀ ਨਹੀਂ ਇਸ ਤੋਂ ਇਲਾਵਾ ਅਦਾਲਤ ਨੇ ਨਵੀਂ SIT ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਸੀ ਅਤੇ ਕਿਹਾ ਸੀ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਨਵੀ ਜਾਂਚ ਟੀਮ ਤੋਂ ਬਾਹਰ ਰੱਖਿਆ ਜਾਵੇ। ਅਦਾਲਤ ਨੇ ਇਹ ਫ਼ੈਸਲਾ ਪੁਲਿਸ ਮੁਲਾਜ਼ਮ ਗੁਰਦੀਪ ਸਿੰਘ ਪੰਧੇਰ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਸੁਣਾਇਆ ਸੀ। ਕੁੰਵਰ ਵਿਜੇ ਪ੍ਰਤਾਪ ਨੇ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਵਾਪਰੇ ਬੇਅਦਬੀ ਕਾਂਡ ਤੋਂ ਤੀਜੇ ਦਿਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਸੀਆ ਅੱਤਿਆਚਾਰ ਵਾਲੇ ਦੋ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਸਨ।