Free education in government schools : ਚੰਡੀਗੜ੍ਹ : ਅੱਜ 74ਵੇਂ ਆਜ਼ਾਦੀ ਦਿਹਾੜੇ ਮੌਕੇ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦੇ ਹੋਏ ਪਹਿਲੀ ਜਮਾਤ ਤੋਂ 10+2 ਤੱਕ ਲੜਕੇ ਅਤੇ ਲੜਕੀਆਂ ਦੋਹਾਂ ਲਈ ਮੁਫ਼ਤ ਸਿੱਖਿਆ ਦੇਣ ਦੇ ਆਪਣੇ ਫੈਸਲੇ ਨੂੰ ਲਾਗੂ ਕਰ ਦਿੱਤਾ ਹੈ, ਜਿਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਸਰਕਾਰੀ ਸਕੂਲਾਂ ਵਿਚ ਪੜ੍ਹਣ ਵਾਲੇ ਮੁਫਤ ਸਿੱਖਿਆ ਹਾਸਲ ਕਰ ਸਕਣਗੇ।
ਇਸ ਸਬੰਧੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ” ਰਾਜ ਦੇ ਸਾਰੇ ਬੱਚਿਆਂ ਨੂੰ ਸਿੱਖਿਅਤ ਕਰਨ ਦੇ ਮੰਤਵ ਨਾਲ ਪਹਿਲੀ ਜਮਾਤ ਤੋਂ ਲੈ ਕੇ 10+2 ਤੱਕ ਮੁਫ਼ਤ ਵਿੱਦਿਆ ਦੇਣ ਦੇ ਸਰਕਾਰ ਦੇ ਫੈਸਲੇ ਤੇ ਰਾਜਪਾਲ ਪੰਜਾਬ ਨੇ ਮੋਹਰ ਲਗਾ ਦਿੱਤੀ ਹੈ। ਇਸ ਲਈ ਵਿਦਿਆਰਥੀਆਂ ਤੋਂ ਲਈ ਜਾਂਣ ਵਾਲੀ ਫ਼ੀਸ ਜੋ ਖ਼ਜ਼ਾਨੇ ‘ਚ ਜਮ੍ਹਾ ਕਰਾਈ ਜਾਂਦੀ ਹੈ, ਨਹੀਂ ਲਈ ਜਾਵੇਗੀ। ਇਹ ਹੁਕਮ ਨਵੇਂ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਠਵੀਂ ਤੱਕ ਸਾਰੇ ਵਿਦਿਆਰਥੀਆਂ ਅਤੇ 12ਵੀਂ ਕਲਾਸ ਤੱਕ ਸਾਰੀਆਂ ਲੜਕੀਆਂ ਨੂੰ ਮੁਫਤ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਸੀ। ਸਰਕਾਰ ਦੇ ਇਸ ਫੈਸਲੇ ਦੇ ਲਾਗੂ ਹੋਣ ਤੋਂ ਬਾਅਦ ਹੁਣ ਪਹਿਲੀ ਕਲਾਸ ਤੋਂ ਲੈ ਕੇ 12ਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿਚ ਮੁਫਤ ਸਿੱਖਿਆ ਮਿਲ ਸਕੇਗੀ। ਪੰਜਾਬ ਸਰਕਾਰ ਨੇ ਆਪਣੇ ਇਸ ਸਾਲ ਦੇ ਬਜਟ ਦੌਰਾਨ ਇਹ ਫੈਸਲਾ ਲਿਆ ਸੀ, ਜਿਸ ਨੂੰ ਹੁਣ ਇਸ ਨੋਟੀਫਿਕੇਸ਼ਨ ਦੇ ਨਾਲ ਲਾਗੂ ਕੀਤਾ ਗਿਆ ਹੈ।