Meeting of farmers organizations : ਪੰਜਾਬ ਦੀਆਂ 29 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਲਗਭਗ 12 ਵਜੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਮੀਟਿੰਗ ਵਿੱਚ 21 ਨਵੰਬਰ ਨੂੰ ਕੇਂਦਰ ਨਾਲ ਮੀਟਿੰਗ ਸੰਬੰਧੀ ਵੀ ਵਿਚਾਰ ਕੀਤਾ ਜਾਵੇਗਾ ਕਿ ਉਥੇ ਦੁਬਾਰਾ ਮੀਟਿੰਗ ਲਈ ਜਾਣਾ ਚਾਹੀਦਾ ਹੈ ਜਾਂ ਨਹੀਂ। ਦੱਸਣਯੋਗ ਹੈ ਕਿ ਕਿਸਾਨਾਂ ਨੇ ਕੁਝ ਸਮਾਂ ਪਹਿਲਾਂ ਪਹੁੰਚੇ ਪੰਜਾਬ ਸਰਕਾਰ ਦੇ ਮੰਤਰੀਆਂ ਵਾਪਸ ਕਰ ਭੇਜ ਦਿੱਤਾ ਹੈ। ਜਿਸ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਰੇ ਯੂਨੀਅਨ ਪ੍ਰਧਾਨ ਨਹੀਂ ਪਹੁੰਚ ਜਾਂਦੇ, ਉਸ ਤੋਂ ਪਹਿਲਾਂ ਉਹ ਮੁਲਾਕਾਤ ਨਹੀਂ ਕਰਨਗੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸਰਕਾਰੀਆ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੁੱਖ ਮੰਤਰੀ ਕੈਪਟਨ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਸਮੇਤ ਦੋ ਵਿਧਾਇਕ ਵਾਪਸ ਪਰਤੇ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਸੰਬੰਧੀ ਕਿਸਾਨਾਂ ਨੇ ਦਿੱਲੀ ਵਿੱਚ ਜਾ ਕੇ ਰੈਲੀ ਕਰਨ ਦਾ ਐਲਾਨ ਕੀਤਾ ਸੀ। ਪਰ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਪੁਲਿਸ ਵੱਲੋਂ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਗੱਲ ਡਿਪਟੀ ਕਮਿਸ਼ਨਰ ਪੁਲੀਸ ਨੇ ਸਰਬ ਭਾਰਤ ਕਿਸਾਨ ਸੰਘਰਸ਼ ਸਹਿਯੋਗ ਕਮੇਟੀ ਦੇ ਆਗੂ ਪ੍ਰੇਮ ਸਿੰਘ ਗਹਿਲਾਵਤ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਕੀਤੀ। ਅਤੇ ਇਸ ਦਾ ਕਾਰਨ ਕਾਨੂੰਨ ਵਿਵਸਥਾ, ਆਵਾਜਾਈ ’ਚ ਵਿਘਨ ਅਤੇ ਕਰੋਨਾਵਾਇਰਸ ਦੇ ਵਧਦੇ ਮਾਮਲੇ ਦੱਸਿਆ ਗਿਆ, ਜਿਸ ਕਾਰਨ 15 ਤੋਂ 27 ਨਵੰਬਰ ਤੱਕ ਰਾਮ ਲੀਲਾ ਗਰਾਊਂਡ ਵਿੱਚ ਇਕੱਠੇ ਹੋਣ ਦੀ ਦਿੱਤੀ ਗਈ ਅਰਜ਼ੀ ਰੱਦ ਕਰ ਦਿੱਤੀ ਗਈ।
ਦੱਸ ਦੇਈਏ ਕਿ 13 ਨਵੰਬਰ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਦੋ ਕੇਂਦਰੀ ਮੰਤਰੀਆਂ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਖੇਤੀਬਾੜੀ ਮੰਤਰੀ ਨੇ ਕਿਹਾ ਸੀ ਕਿ ਅਜੇ ਇਸ ਲਈ ਹੋਰ ਵਿਚਾਰ-ਵਟਾਂਦਰੇ ਦੀ ਲੋੜ ਹੈ।
ਇਸ ਮੀਟਿੰਗ ਦੀ ਸਮੀਖਿਆ ਲਈ ਅੱਜ ਚੰਡੀਗੜ੍ਹ ’ਚ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਦਿੱਲੀ ਵਿੱਚ ਰੈਲੀ ਦੀ ਇਜਾਜ਼ਤ ਨਾ ਮਿਲਣ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਥੇ ਹੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਰੋਸ ਵਜੋਂ ਅੱਜ 18 ਨਵੰਬਰ ਨੂੰ ਜ਼ਿਲ੍ਹਾ ਕੇਂਦਰਾਂ ’ਤੇ ਕੀਤੇ ਜਾ ਰਹੇ ਮੁਜ਼ਾਹਰਿਆਂ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣਿਆ ਗੁਰਦਾਸਪੁਰ ਦਾ ਬ੍ਰਾਂਡ ਅੰਬੈਸਡਰ