Modi govt breaks : ਚੰਡੀਗੜ੍ਹ : ਦੇਸ਼ ਦੇ ਅੰਨਦਾਤਾ (ਕਿਸਾਨਾਂ) ਨਾਲ ਬਦਸਲੂਕੀ ਕਰਨ ਲਈ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੇਇੰਦਰ ਸਿੰਗਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਅਜਿਹਾ ਲਗਦਾ ਹੈ ਕਿ ਭਾਜਪਾ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਦੀ ਪਰਿਭਾਸ਼ਾ ਨੂੰ ਭੰਗ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ”ਜਾ ਜਵਾਨ, ਮਾਰ ਕਿਸਾਨ ” ‘ਚ ਤਬਦੀਲ ਕਰ ਦਿੱਤਾ ਹੈ। ਸ੍ਰੀ ਸਿੰਗਲਾ, ਹਰਿਆਣਾ-ਦਿੱਲੀ ਸਰਹੱਦ ‘ਤੇ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਵਿਰੁੱਧ ਅਤੇ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਲੰਗਰ (ਮੁਫਤ ਖਾਣਾ) ਦੇਣ ਤੋਂ ਇਲਾਵਾ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋਏ। ਉਨ੍ਹਾਂ ਇਸ ਇਤਿਹਾਸਕ ਸੰਘਰਸ਼ ਵਿੱਚ ਹਿੱਸਾ ਲੈਣ ਦੇ ਸੰਕੇਤ ਵਜੋਂ ਕਰਿਆਨੇ ਦੀਆਂ ਚੀਜ਼ਾਂ ਦਾਨ ਵੀ ਕੀਤੀਆਂ। ਉਨ੍ਹਾਂ ਠੰਡੇ ਮੌਸਮ ਦੌਰਾਨ ਉਨ੍ਹਾਂ ਦੀ ਸਥਿਤੀ ਬਾਰੇ ਪੁੱਛਗਿੱਛ ਕਰਦਿਆਂ ਅੰਦੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਹੀ ਨਹੀਂ, ਬਲਕਿ ਸਾਰਾ ਪੰਜਾਬ ਹਰ ਹਾਲਾਤ ‘ਚ ਉਨ੍ਹਾਂ ਦੇ ਨਾਲ ਖੜਾ ਹੈ ਅਤੇ ਸਮਾਜ ਦੇ ਹਰ ਵਰਗ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਉਲਟਾਉਣ ਲਈ ਰਣਨੀਤਕ ਯਤਨ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ, ਦੇਸ਼ ਦੇ ਅੰਨ ਭੰਡਾਰੇ ‘ਚ ਸਭ ਤੋਂ ਵੱਧ ਹਿੱਸਾ ਪਾਉਣ ਵਾਲੇ ਪੰਜਾਬ ਦੇ ਕਿਸਾਨ ਨੇ ਆਪਣੇ ਕਾਰਪੋਰੇਟ ਦੋਸਤਾਂ ਨੂੰ ਲਾਭ ਪਹੁੰਚਾਉਣ ਲਈ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਕਾਲੇ ਕਾਨੂੰਨਾਂ ਦੇ ਵਿਰੋਧ ‘ਚ ਕਈ ਸੌ ਕਿਲੋਮੀਟਰ ਮਾਰਚ ਕੀਤਾ। ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਵਿੱਚ ਕਾਲੇ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਜਦੋਂ ਉਹ ਆਪਣੀਆਂ ਮੰਗਾਂ ਲਈ ਦਿੱਲੀ ਵੱਲ ਮਾਰਚ ਕਰ ਰਹੇ ਹਨ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਾਇਜ਼ਾ ਲੈਣ ਦੀ ਬਜਾਏ ਨੈਸ਼ਨਲ ਹਾਈਵੇਅ ‘ਤੇ ਭਾਜਪਾ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮਿਲੀਭੁਗਤ ਨਾਲ ਕਿਸਾਨਾਂ ‘ਤੇ ਅਤਿਆਚਾਰ ਕੀਤੇ।
ਮੰਤਰੀ ਨੇ ਕਿਹਾ, ” ਮਸਲਾ ਸਿਰਫ ਪੰਜਾਬ ਦੀ ਸਰਹੱਦ ਸੀਲ ਕਰਨ ਦਾ ਹੀ ਨਹੀਂ ਹੈ, ਬਲਕਿ ਸਰਦੀਆਂ ਵਿਚ ਦੇਸ਼ ਦੇ ਅੰਨਦਾਤਾ ‘ਤੇ ਵਾਟਰ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਨਾਲ ਹਮਲਾ ਕੀਤਾ ਗਿਆ ਸੀ ਅਤੇ ਲਾਠੀਚਾਰਜ ਵੀ ਕੀਤਾ ਗਿਆ ਸੀ। ” ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਮੁੱਚੀ ਕੈਬਨਿਟ ਅਤੇ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਡਟ ਕੇ ਖੜੀ ਹੈ, ਜੋ ਕਿ ਖੇਤੀ ਸੈਕਟਰ ਲਈ ਵੱਡਾ ਖਤਰਾ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਪੰਜਾਬ ਵਿੱਚ ਕਿਸੇ ਵੀ ਸਮੇਂ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, “ਇਹ ਹੈਰਾਨੀ ਵਾਲੀ ਗੱਲ ਹੈ ਕਿ ਜਿਥੇ ਭਾਜਪਾ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕਿਸਾਨਾਂ ਨੂੰ ਅੰਦੋਲਨ ਲਈ ਉਕਸਾਉਣ ਦਾ ਦੋਸ਼ ਲਗਾ ਰਹੇ ਹਨ, ਉਥੇ ਦੂਜੇ ਪਾਸੇ, ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂ ਉਨ੍ਹਾਂ ਨੂੰ ਕਿਸਾਨ ਵਿਰੋਧੀ ਕਹਿ ਰਹੇ ਹਨ। ” ਸ੍ਰੀ ਸਿੰਗਲਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਸਿਰਫ ਆਪਣੇ ਨਿੱਜੀ ਰਾਜਨੀਤਿਕ ਹਿੱਤਾਂ ਲਈ ਬਿਆਨਬਾਜ਼ੀ ਕਰ ਰਹੇ ਸਨ, ਜਦਕਿ ਕਾਂਗਰਸ ਪਾਰਟੀ ਦਾ ਹਰ ਨੇਤਾ ਕਿਸਾਨਾਂ ਦੇ ਨਾਲ ਖੜਾ ਹੈ।