No solution was : ਚੰਡੀਗੜ੍ਹ : ਬੀਤੇ ਕੱਲ੍ਹ ਦਿੱਲੀ ਵਿਖੇ 29 ਕਿਸਾਨ ਜਥੇਬੰਦੀਆਂ, ਖੇਤੀਬਾੜੀ ਮੰਤਰੀ ਤੇ ਰੇਲ ਮੰਤਰੀ ਦਰਮਿਆਨ ਮੀਟਿੰਗ 6 ਘੰਟੇ ਤੱਕ ਚੱਲੀ ਪਰ ਫਿਰ ਵੀ ਕਿਸੇ ਨਤੀਜੇ ਤੱਕ ਨਹੀਂ ਪਹੁੰਚ ਸਕੀ। ਮੀਟਿੰਗ ‘ਚ ਕੇਂਦਰੀ ਮੰਤਰੀਆਂ ਨੇ ਖੇਤੀ ਕਾਨੂੰਨਾਂ ‘ਤੇ ਕਿਸਾਨਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ। ਰੇਲ ਮੰਤਰੀ ਪੀਯੂਸ਼ ਗੋਇਲ ਨੇ ਦੱਸਿਆ ਕਿ ਖੇਤੀ ਕਾਨੂੰਨ ਕਿਸੇ ਵੀ ਤਰ੍ਹਾਂ ਤੋਂ ਕਿਸਾਨਾਂ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ। ਤੁਸੀਂ ਮਾਲਗੱਡੀ ਨਾਲ ਪੈਸੇਂਜਰ ਟ੍ਰੇਨਾਂ ਨੂੰ ਵੀ ਚੱਲਣ ਦਿਓ ਪਰ ਕਿਸਾਨ ਇਸ ਗੱਲ ‘ਤੇ ਅੜੇ ਰਹੇ ਕਿ ਪਹਿਲਾਂ ਤੁਸੀਂ ਮਾਲਗੱਡੀਆਂ ਚਲਾਓ। ਇਸ ਤੋਂ ਬਾਅਦ ਕਿਸਾਨ ਪੈਸੇਂਜਰ ਗੱਡੀਆਂ ਨੂੰ ਚਲਾਉਣ ‘ਤੇ ਵਿਚਾਰ ਕਰਨਗੇ।
ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੀਆਂ ਮੰਗਾਂ ਤੇ ਸਰਕਾਰ ਦੀ ਸੁਲਹ ਦੀ ਸਥਿਤੀ ਨੂੰ ਕਾਫੀ ਦੂਰ ਦੱਸਿਆ ਅਤੇ ਇਸ ਬਾਰੇ ਅਜੇ ਹੋਰ ਵਿਚਾਰ-ਵਟਾਂਦਰੇ ਕਰਨ ਲਈ ਕਿਹਾ। ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਕਿਸਾਨ ਨੇਤਾਵਾਂ ਅਤੇ ਜਿਨ੍ਹਾਂ ਕਿਸਾਨਾਂ ਖਿਲਾਫਾਂ ਮਾਮਲੇ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਵਾਪਸ ਲਿਆ ਜਾਵੇ। ਪੰਜਾਬ ਵਿੱਚ ਜੋ ਆਰਥਿਕ ਨਾਕਾਬੰਦੀ ਕੀਤੀ ਗਈ ਹੈ ਉਸਨੂੰ ਤੁਰੰਤ ਹਟਾ ਦਿੱਤਾ ਜਾਵੇ ਅਤੇ ਭਾਰਤ ਸਰਕਾਰ ਨੂੰ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣ ਦੀ ਪ੍ਰਵਾਨਗੀ ਦੇਣੀ ਚਾਹੀਦੀ ਹੈ। ਕਿਸਾਨ ਯੂਨੀਅਨ ਆਗੂਆਂ ਨੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਇਸੇ ਤਰ੍ਹਾਂ ਅੰਦੋਲਨ ਨੂੰ ਜਾਰੀ ਰੱਖਣ ਦੀ ਚਿਤਾਵਨੀ ਵੀ ਦਿੱਤੀ।
ਮੀਟਿੰਗ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲਗਭਗ 6 ਘੰਟੇ ਚੱਲੀ ਪਰ ਮਾਲਗੱਡੀਆਂ ਤੇ ਪੈਸੰਜਰ ਗੱਡੀਆਂ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਦੋਵੇਂ ਪੱਖਾਂ ‘ਚ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਕੇਂਦਰੀ ਮੰਤਰੀਆਂ ਨੇ ਕਿਹਾ ਕਿ ਉਹ ਜਲਦ ਹੀ ਇੱਕ ਕਮੇਟੀ ਦਾ ਗਠਨ ਕਰਨਗੇ ਜੋ ਦੁਬਾਰਾ ਕਿਸਾਨਾਂ ਨਾਲ ਬੈਠਕ ਕਰਕੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੇਰਗੀ। ਇਸ ‘ਤੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 26 ਤੇ 27 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਜਾਰੀ ਰਹੇਗਾ। 18 ਨਵੰਬਰ ਨੂੰ ਚੰਡੀਗੜ੍ਹ ਵਿਖੇ ਸਾਰੀਆਂ ਕਿਸਾਨ ਜਥੇਬੰਦੀਆਂ ਮੀਟਿੰਗ ਕਰਕੇ ਰਣਨੀਤੀ ਬਣਾਉਣਗੀਆਂ।