Positive Health Minister : ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ ਤੇ ਹੁਣ ਉਨ੍ਹਾਂ ਨੂੰ ਬੁਖ਼ਾਰ ਦੀ ਸ਼ਿਕਾਇਤ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਟੀ ਸਕੈਨ ਤੇ ਹੋਰ ਸਿਹਤ ਸਬੰਧੀ ਜਾਂਚ ਲਈ ਮੋਹਾਲੀ ਫੇਜ਼-8 ਵਿਖੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਦੱਸਣਯੋਗ ਹੈ ਕਿ ਬਲਬੀਰ ਸਿੱਧੂ ਨੇ ਕੋਰੋਨਾ ਦੇ ਹਲਕੇ ਲੱਛਣ ਦਿਖਣ ਤੋਂ ਬਾਅਦ ਟੈਸਟ ਕਰਵਾਇਆ ਸੀ। ਉਨ੍ਹਾਂ ਨੂੰ ਬੁਖਾਰ ਅਤੇ ਸਰੀਰ ਵਿੱਚ ਦਰਦ ਸੀ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦੌਰਾਨ ਬਲਬੀਰ ਸਿੱਧੂ ਸਟੇਜ ਸਕੱਤਰ ਸਨ। ਬਲਬੀਰ ਸਿੱਧੂ ਸਟੇਜ ‘ਤੇ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੀਨੀਅਰ ਲੀਡਰਸ਼ਿਪ ਨੂੰ ਮਿਲੇ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਸੀ। ਮੁੱਖ ਮੰਤਰੀ ਦੀ ਕੋਰੋਨਾ ਜਾਂਚ ਕੀਤੀ ਗਈ ਜਿਸ ਦੌਰਾਨ ਉਹ ਨੈਗੇਟਿਵ ਪਾਏ ਗਏ। ਸਿਵਲ ਸਰਜਨ ਮੋਹਾਲੀ ਡਾ. ਮਨਜੀਤ ਸਿੰਘ ਦਾ ਕਹਿਣਾ ਹੈ ਕਿ ਸਿਹਤ ਮੰਤਰੀ ਪੂਰੀ ਤਰ੍ਹਾਂ ਤੰਦਰੁਸਤ ਹਨ ਪਰ ਕੋਰੋਨਾ ਕਾਰਨ ਅਹਿਤਿਆਤ ਦੇ ਤੌਰ ‘ਤੇ ਸਿਟੀ ਸਕੈਨ ਤੇ ਹੋਰਨਾਂ ਟੈਸਟਾਂ ਲਈ ਉਨ੍ਹਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।