Punjab MC Election : ਚੰਡੀਗੜ੍ਹ : ਪੰਜਾਬ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਅੱਠ ਮਿਉਂਸਪਲ ਕਾਰਪੋਰੇਸ਼ਨਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਦੇ ਸ਼ੈਡਿਊਲ ਦਾ ਐਲਾਨ ਕੀਤਾ ਗਿਆ। ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੀਆਂ। ਸ਼ੈਡਿਊਲ ਦੇ ਐਲਾਨ ਨਾਲ ਮਿਉਂਸਪਲਟੀਆਂ ਦੇ ਮਿਉਂਸਪਲ ਖੇਤਰਾਂ ਵਿੱਚ ਜਿੱਥੇ ਚੋਣਾਂ ਹੋਣੀਆਂ ਹਨ, ਦੇ ਅੰਦਰ ‘ਆਦਰਸ਼ ਚੋਣ ਜ਼ਾਬਤਾ’ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।
ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ, 2021 ਨੂੰ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨੂੰ ਆਖਰੀ ਤਰੀਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ : ਸੰਧੂ ਨੇ ਕਿਹਾ ਕਿ ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਚੋਣਾਂ ਦੇ ਸ਼ਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ 30 ਆਈ.ਏ.ਐੱਸ. / ਪੀ.ਸੀ.ਐੱਸ. ਅਫਸਰਾਂ ਨੂੰ ਚੋਣ ਨਿਗਰਾਨ ਨਿਯੁਕਤ ਕੀਤਾ ਜਾਵੇਗਾ ਅਤੇ ਛੇ ਆਈਪੀਐਸ ਅਧਿਕਾਰੀ ਪੁਲਿਸ ਨਿਗਰਾਨ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਠ ਮਿਊਂਸਪਲ ਕਾਰਪੋਰੇਸ਼ਨਾਂ ਲਈ 400 ਮੈਂਬਰ ਚੁਣੇ ਜਾਣਗੇ ਅਤੇ ਰਾਜ ਦੀਆਂ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1,902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸਪਲ ਚੋਣਾਂ ਵਿੱਚ ਔਰਤਾਂ ਲਈ ਪੰਜਾਹ ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਗਿਆ ਹੈ। ਨਗਰ ਨਿਗਮ ਦੇ ਉਮੀਦਵਾਰ ਲਈ ਖਰਚੇ ਦੀ ਸੀਮਾ 3 ਲੱਖ ਰੁਪਏ, ਮਿਊਂਸੀਪਲ ਕੌਂਸਲ ਦੇ ਉਮੀਦਵਾਰ ਲਈ ਕਲਾਸ -1 ਲਈ 2.70 ਲੱਖ ਰੁਪਏ, ਕਲਾਸ -2 ਲਈ 1.70 ਲੱਖ ਰੁਪਏ, ਕਲਾਸ -3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ 1.05 ਲੱਖ ਰੁਪਏ ਹਨ।