Punjab School Education : PTM ਇੱਕ ਅਜਿਹਾ ਜ਼ਰੀਆ ਹੈ ਜਿਸ ਨਾਲ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਬਾਰੇ ਟੀਚਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ ਅਤੇ ਨਾਲ ਹੀ ਅਧਿਾਆਪਕਾਂ ਨੂੰ ਵੀ ਵਿਦਿਆਰਥੀਆਂ ਦੀ ਪੜ੍ਹਾਈ ‘ਚ ਜੇਕਰ ਕੋਈ ਕਮੀ-ਪੇਸ਼ੀ ਹੈ ਤਾਂ ਇਸ ਸਬੰਧੀ ਮਾਪਿਆਂ ਨਾਲ ਗੱਲਬਾਤ ਕਰਨ ਉੱਤਮ ਸਾਧਨ ਹੈ। ਇਸ ਲਈ ਸਮੇਂ-ਸਮੇਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮਾਪੇ-ਅਧਿਆਪਕ ਦੀਆਂ ਮੀਟਿੰਗਾਂ ਕੀਤੀਆਂ ਜਾਂਦੀਆਂ ਰਹਿੰਦੀਆਂ ਹਨ। ਇਸੇ ਅਧੀਨ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਦੋ ਅਤੇ ਤਿੰਨ ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਵੇਂ ਕਿ ਸਾਰਿਆਂ ਨੂੰ ਪਤਾ ਹੈ ਕਿ ਕੋਰੋਨਾ ਕਾਲ ਕਾਰਨ ਲਗਭਗ 7 ਮਹੀਨੇ ਸਕੂਲ ਬੰਦ ਰਹੇ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਕਾਫੀ ਪ੍ਰਭਾਵਿਤ ਹੋਈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਕਾਂ ਨੂੰ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਕੁਝ ਦਿਨ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੇ ਸਕੂਲਾਂ ਨੂੰ ਖੋਲ੍ਹਿਆ ਗਿਆ ਹੈ ਤੇ ਇਨ੍ਹਾਂ ਮਾਪੇ-ਅਧਿਆਪਕ ਦੀ ਮੀਟਿੰਗ ਦਾ ਇਕੋ ਹੀ ਉਦੇਸ਼ ਹੈ ਕਿ ਬੱਚਿਆਂ ਨੂੰ ਪੜ੍ਹਾਈ ਦੌਰਾਨ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ ਤੇ ਪੜ੍ਹਾਈ ਨੂੰ ਹੋਰ ਦਿਲਚਸਪ ਤੇ ਆਸਾਨ ਬਣਾਉਣ ਦੇ ਤਰੀਕੇ ਲੱਭੇ ਜਾ ਸਕਣ।
ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਸੀ.) ’ਤੇ ਵਿਸ਼ੇਸ਼ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਅਚੀਵਮੈਂਟ ਸਰਵੇ ਦੀ ਪ੍ਰੀਖਿਆ 11 ਨਵੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਪ੍ਰੀਖਿਆਵਾਂ ਪਹਿਲੀ ਤੋਂ ਲੈ ਕੇ 12ਵੀਂ ਤੱਕ ਕਲਾਸ ਦੇ ਵਿਦਿਆਰਥੀਆਂ ਦੇ ਮੁਲਾਂਕਣ ‘ਤੇ ਆਧਾਰਿਤ ਹੋਣਗੀਆਂ। ਸੂਬੇ ਭਰ ‘ਚ ਸਕੂਲਾਂ ‘ਚ ਪੜ੍ਹਦੇ 27.10 ਲੱਖ ਵਿਦਿਆਰਥੀ ਹਨ। ਪ੍ਰੀਖਿਆ ‘ਚ ਹਰੇਕ ਵਿਦਿਆਰਥੀ ਸ਼ਾਮਲ ਹੋਵੇ ਇਸ ਲਈ ਟੀਚਰਾਂ ਵੱਲੋਂ ਧਾਰਮਿਕ ਸਥਾਨਾਂ ‘ਚ ਜਾ ਕੇ ਐਲਾਨ ਕਰਵਾਇਆ ਜਾ ਰਿਹਾ ਹੈ ਤੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇਹ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮੁਲਾਂਕਣ ਲਈ ਬੇਹੱਦ ਜ਼ਰੂਰੀ ਹੈ। ਇਸ ਲਈ ਉਹ ਉਨ੍ਹਾਂ ਨੂੰ ਪ੍ਰੀਖਿਆ ‘ਚ ਜ਼ਰੂਰ ਸ਼ਾਮਲ ਕਰਨ। ਇਸ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਟੀਚਰਾਂ ਨੂੰ ਗਾਈਡਲਾਈਜ਼ ਜਾਰੀ ਕਰ ਦਿੱਤੀਆਂ ਗਈਆਂ ਹਨ।