ਚੰਡੀਗੜ੍ਹ : ਗੁਰਮੀਤ ਸਿੰਘ ਖੁੱਡੀਆਂ ਅੱਜ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਅਤੇ ਮੀਤ ਹੇਅਰ ਦੀ ਅਗਵਾਈ ਵਿਚ ‘ਆਪ’ ਵਿਚ ਸ਼ਾਮਲ ਹੋਏ। ਪਾਰਟੀ ਮੈਂਬਰਾਂ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਦਾ ਖੁੱਲ੍ਹੇ ਮਨ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਨੂੰ ਬਚਾਉਣ ਦਾ ਦਰਦ ਰੱਖਣ ਵਾਲੀਆਂ ਸ਼ਖਸੀਅਤਾਂ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੀਆਂ ਹਨ ਜਿਸ ਦਾ ਪਾਰਟੀ ਨੇ ਹਮੇਸ਼ਾ ਮਾਣ ਰੱਖਿਆ ਹੈ। ਗੁਰਮੀਤ ਸਿੰਘ ਖੁੱਡੀਆਂ 2017 ਦੀਆ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਕਵਰਿੰਗ ਉਮੀਦਵਾਰ ਸਨ । ਉਨ੍ਹਾਂ ਦੇ ਪਿਤਾ ਸਵਰਗਵਾਸੀ ਜਗਦੇਵ ਸਿੰਘ ਖੁੱਡੀਆਂ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਰਹੇ ਹਨ।
ਕਾਂਗਰਸ ਛੱਡਣ ਬਾਰੇ ਦੱਸਦਿਆਂ ਗੁਰਮੀਤ ਸਿੰਘ ਖੁੱਡੀਆਂ ਦਾ ਕਹਿਣਾ ਸੀ ਕਿ ਪਾਰਟੀ ਵਿਚ ਵਰਕਰ ਨੂੰ ਵਰਕਰ ਨਹੀਂ ਸਮਝਿਆ ਜਾਂਦਾ ਜਿਸ ਕਰਕੇ ਉਨ੍ਹਾਂ ਨੇ ਪਾਰਟੀ ਨੂੰ ਛੱਡ ਦਿੱਤਾ। ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਇਸ ਮੌਕੇ ਕਿਹਾ ਕਿ ਗੁਰਮੀਤ ਸਿੰਘ ਖੁੱਡੀਆਂ ਇੱਕ ਲੋਕ ਆਗੂ ਹਨ, ਜਿਨ੍ਹਾਂ ਲੋਕਾਂ ਦੀ ਤਿਆਗ ਦੀ ਭਾਵਨਾ ਨਾਲ ਸੇਵਾ ਕੀਤੀ ਹੈ। ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਮਾਲਵਾ ‘ਚ ਕਰਾਰਾ ਝਟਕਾ ਲੱਗਿਆ ਹੈ।
ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਕਾਫੀ ਪ੍ਰਭਾਵਿਤ ਹੈ। ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹੋਟਲ ਦੇ ਕਮਰੇ ‘ਚੋਂ ਮਿਲੀ ਲੁਧਿਆਣਾ ਵਾਸੀ ਨੌਜਵਾਨ ਦੀ ਲਾਸ਼, ਮੌਕੇ ਤੋਂ ਬਰਾਮਦ ਹੋਈ ਬੀਅਰ ਦੀ ਬੋਤਲ