A Fourth Class student drowned : ਅੱਜ ਜ਼ਿਲ੍ਹਾ ਮੋਗਾ ਦੇ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਚੰਦ ਨਵਾਂ ਵਿੱਚ ਛੱਪੜ ’ਚ ਨਹਾਉਂਦਿਆਂ ਡੁੱਬਣ ਕਾਰਨ ਚੌਥੀ ਜਮਾਤ ’ਚ ਪੜ੍ਹਦੇ ਵਿਦਿਆਰਥੀ ਦੀ ਮੌਤ ਹੋਣ ਦੀ ਖਬਰ ਆਈ ਹੈ, ਜਿਸ ਨਾਲ ਪੂਰੇ ਪਿੰਡ ਵਿਚ ਸੋਗ ਵਾਲਾ ਮਾਹੌਲ ਬਣ ਗਿਆ ਹੈ। ਮ੍ਰਿਤਕ ਬੱਚੇ ਦੀ ਪਛਾਣ 9 ਸਾਲਾ ਸੋਮਤ ਸਿੰਘ ਪੁੱਤਰ ਜਸਪਾਲ ਸਿੰਘ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐੱਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਸੋਮਤ ਹੋਰਨਾਂ ਬੱਚਿਆਂ ਨਾਲ ਪਿੰਡ ਦੇ ਛੱਪੜ ’ਚ ਨਹਾਉਣ ਲਈ ਗਿਆ ਸੀ, ਛੱਪੜ ਡੂੰਘਾ ਹੋਣ ਕਾਰਨ ਡੁੱਬ ਗਿਆ। ਇਸ ਮੌਕੇ ਨਾਲ ਦੇ ਬੱਚਿਆਂ ਨੇ ਉਨ੍ਹਾਂ ਦੇ ਘਰ ਦੱਸਿਆ ਅਤੇ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਉਸਨੁੰ ਮ੍ਰਿਤਕ ਹਾਲਤ ’ਚ ਛੱਪੜ ’ਚੋਂ ਕੱਢਿਆ ਗਿਆ।
ਦੱਸਣਯੋਗ ਹੈ ਕਿ ਮ੍ਰਿਤਕ ਬੱਚਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਵੇਂ ਹੀ ਬੱਚੇ ਦੇ ਡੁੱਬਣ ਦੀ ਖਬਰ ਮਿਲੀ ਤਾਂ ਲੋਕਾਂ ਨੇ ਮਿਲ ਕੇ ਬੱਚੇ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਬੱਚੇ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਉਕਤ ਮਾਮਲੇ ਵਿਚ ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਹੈ ਸਿਵਲ ਹਸਪਤਾਲ ਵਿੱਚ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।
ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕਿਹਾ ਕਿ ਬੱਚੇ ਦਾ ਪਿਤਾ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਜ਼ਿਲਾ ਪ੍ਰਸ਼ਾਸਨ ਨੂੰ ਗਰੀਬ ਪਰਿਵਾਰ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ। ਇਸ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।