ਆਸਾ ਮਹਲਾ ੪ ॥
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥
ਕੀਰਤਿ = ਸਿਫ਼ਤਿ-ਸਾਲਾਹ। ਮਨਿ = ਮਨ ਵਿਚ। ਭਾਈ = ਚੰਗੀ ਲੱਗੀ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਰਸੁ = ਸੁਆਦ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਪੁਰਾਨ = ਪੁਰਾਣਾ, ਪਹਿਲਾ। ਨਾਮਿ = ਨਾਮ ਦੀ ਰਾਹੀਂ। ਸੁਹਾਗੁ = ਖਸਮ-ਪ੍ਰਭੂ। ਮਣੀ = ਰਤਨ। ਪ੍ਰਗਟੀ = ਚਮਕ ਪਈ। ਸੋਹਾਇਆ = ਸੋਹਣਾ ਬਣਾ ਦਿੱਤਾ। ਮਾਨ = ਮੰਨ ਗਿਆ।੧।
(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।
Aasaa, Fourth Mehl: One whose mind is pleased with the Kirtan of the Lord’s Praises, attains the supreme status; the Lord seems so sweet to her mind and body. She obtains the sublime essence of the Lord, Har, Har; through the Guru’s Teachings, she meditates on the Lord, and the destiny written on her forehead is fulfilled. By that high destiny written on her forehead, she chants the Name of the Lord, her Husband, and through the Name of the Lord, she sings the Lord’s Glorious Praises. The jewel of immense love sparkles on her forehead, and she is adorned with the Name of the Lord, Har, Har. Her light blends with the Supreme Light, and she obtains God; meeting the True Guru, her mind is satisfied. One whose mind is pleased with the Kirtan of the Lord’s Praises, attains the supreme status; the Lord seems sweet to her mind and body. ||1||