Two people died in Punjab due to Corona : ਪੰਜਾਬ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਵਿਚ ਜਿਥੇ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਮੌਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਅੱਜ ਸੂਬੇ ਵਿਚ ਜਲੰਧਰ ਤੇ ਸੰਗਰੂਰ ਵਿਚ ਦੋ ਕੋਰੋਨਾ ਪੀੜਤਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਆਇਆ ਹੈ, ਜਿਥੇ ਜਲੰਧਰ ਦੇ ਇਕ ਕੋਰੋਨਾ ਪੀੜਤ ਮਹਿਲਾ ਮਰੀਜ਼ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਪਿਛਲੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਦੱਸ ਦੇਈਏ ਕਿ ਹੁਣ ਤੱਕ ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਵਿਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ 12 ਪਾਜ਼ੀਟਿਵ ਕੇਸ ਪਾਏ ਗਏ ਸਨ।
ਉਧਰ ਸੰਗਰੂਰ ਵਿਚ ਮਾਲੇਕੋਟਲਾ ਦੀ ਰਹਿਣ ਵਾਲੀ ਇਕ ਔਰਤ ਬਿਮਲਾ ਦੇਵੀ ਨੇ ਪਟਿਆਲਾ ਦੇ ਹਸਪਤਾਲ ਵਿਚ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਉਕਤ ਕੋਰੋਨਾ ਪਾਜ਼ੀਟਿਵ ਹੋਣ ਦੇ ਨਾਲ-ਨਾਲ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਪਟਿਆਲਾ ਹਸਪਤਾਲ ਵਿਚ ਵੈਂਟੀਲੇਟਰ ’ਤੇ ਸੀ, ਜਿਸ ਦੀ ਅੱਜ ਹਾਲਤ ਗੰਭੀਰ ਹੋਣ ਕਾਰਨ ਮੌਤ ਹੋ ਗਈ। ਦੱਸਣਯੋਗ ਹੈ ਕਿ ਸੰਗਰੂਰ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਦੂਸਰੀ ਮੌਤ ਹੈ। ਜ਼ਿਲਾ ਸੰਗਰੂਰ ਵਿਚ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 140 ਹੋ ਚੁੱਕੀ ਹੈ, ਜਿਸ ਵਿਚੋਂ 105 ਮਰੀਜ਼ ਠੀਕ ਹੋ ਚੁੱਕੇ ਹਨ, ਜਦਕਿ ਇਸ ਦੇ ਐਕਟਿਵ ਮਾਮਲਿਆਂ ਦੀ ਗਿਣਤੀ 33 ਹੈ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।